ਚੰਡੀਗੜ੍ਹ ਡੈਸਕ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡੀਅਨ ਸਰਕਾਰ ਨੇ ਉਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦਾ ਫੈਸਲਾ ਕੀਤਾ ਸੀ, ਜੋ ਇਮੀਗ੍ਰੇਸ਼ਨ ਧੋਖਾਧੜੀ ਦਾ ਸ਼ਿਕਾਰ ਹਨ ਅਤੇ ਜਾਅਲੀ ਯੂਨੀਵਰਸਿਟੀ ਸਵੀਕ੍ਰਿਤੀ ਪੱਤਰਾਂ ਦੀ ਵਰਤੋਂ ਕਰ ਕੇ ਦੇਸ਼ ਵਿੱਚ ਦਾਖਲ ਹੋਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਮਾਮਲੇ ਦੀ ਜਾਂਚ ਕਰਨ ਅਤੇ ਧੋਖਾਧੜੀ ਦੇ ਪੀੜਤਾਂ ਦੀ ਮਦਦ ਕਰਨ ਲਈ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਏਜੰਟਾਂ ਦੁਆਰਾ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੂੰ ਡਿਪੋਰਟ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੈਨੇਡਾ ਵਿੱਚ ਅਸਥਾਈ ਨਿਵਾਸੀ ਪਰਮਿਟ ਜਾਰੀ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਦੇ ਅਧਿਐਨ ਕਰਨ ਦੇ ਇਰਾਦੇ ਵਿੱਚ ਰੁਕਾਵਟ ਨਾ ਆਵੇ। ਕਈ ਭਾਰਤੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਵੀਕ੍ਰਿਤੀ ਪੱਤਰਾਂ ਦੇ ਫਰਜ਼ੀ ਪਾਏ ਜਾਣ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜਿਹੜੇ ਅੰਤਰਰਾਸ਼ਟਰੀ ਵਿਦਿਆਰਥੀ ਧੋਖਾਧੜੀ ਵਿੱਚ ਸ਼ਾਮਲ ਨਹੀਂ ਪਾਏ ਗਏ ਹਨ, ਉਨ੍ਹਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ।