ਚੰਡੀਗੜ੍ਹ:ਪੰਜਾਬ ਵਿੱਚ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਅਸਰ ਹੁਣ ਵਿਦੇਸ਼ਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ ਤੇ ਵਿਦੇਸ਼ ਵਿੱਚ ਬੈਠੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਦੁਨੀਆ ਦੇ ਕਈ ਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਵਿਦੇਸ਼ ਦੀ ਧਰਤੀ ਉੱਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜੋ:Amritpal case update: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੂਜੇ ਦਿਨ ਵੀ ਕਾਰਵਾਈ, ਪੜ੍ਹੋ ਹੁਣ ਤੱਕ ਇਸ ਮਾਮਲੇ ਸਬੰਧੀ ਪੂਰੀ ਜਾਣਕਾਰੀ
ਇੰਗਲੈਂਡ ਅਤੇ ਕੈਨੇਡਾ ਵਿੱਚ ਸਭ ਤੋਂ ਵੱਧ ਵਿਰੋਧ:ਅੰਮ੍ਰਿਤਪਾਲ ਖਿਲਾਫ ਪੁਲਿਸ ਕਾਰਵਾਈ ਦਾ ਸਭ ਤੋਂ ਵੱਧ ਵਿਰੋਧ ਇੰਗਲੈਂਡ ਅਤੇ ਕੈਨੇਡਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਦੋਵਾਂ ਮੁਲਕਾਂ ਵਿਚ ਰਹਿ ਰਹੇ ਸਮਰਥਕਾਂ ਨੇ ਕਈ ਥਾਵਾਂ 'ਤੇ ਪ੍ਰਦਰਸ਼ਨ ਕੀਤੇ। ਕੁਝ ਲੋਕ ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਸਾਹਮਣੇ ਪਹੁੰਚ ਗਏ।
ਡਬਲਯੂਐਸਓ ਨੇ ਕਾਰਵਾਈ ਦੀ ਕੀਤੀ ਨਿਖੇਧੀ:ਵਰਲਡ ਸਿੱਖ ਆਰਗੇਨਾਈਜੇਸ਼ਨ ਆਫ ਕੈਨੇਡਾ (ਡਬਲਯੂਐਸਓ) ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜੋ ਪੰਜਾਬ ਪੁਲਿਸ ਦੀ ਕਾਰਵਾਈ ਹੈ ਇਹ ਬਹੁਤ ਸ਼ਰਮਸਾਰ ਹੈ। ਉਹਨਾਂ ਨੇ ਅੱਗੇ ਲਿਖਿਆ ਹੈ ਕਿ ਅਸੀਂ ਇਸ ਗੱਲੋਂ ਵੀ ਡੂੰਘੇ ਚਿੰਤਤ ਹਾਂ ਕਿ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਬਾਰੇ ਲੋਕਾਂ ਨੂੰ ਭੰਬਲਭੂਸੇ ਵਿੱਚ ਪਾਇਆ ਜਾ ਰਿਹਾ ਹੈ ਤੇ ਉਸ ਦਾ ਐਂਨਕਾਊਟਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ਨੇ ਲਿਖਿਆ ਕਿ 80 ਅਤੇ 90 ਦੇ ਦਹਾਕੇ ਦੌਰਾਨ ਪੰਜਾਬ ਪੁਲਿਸ ਵੱਲੋਂ ਸਿੱਖ ਕਾਰਕੁਨਾਂ ਨੂੰ ਖ਼ਤਮ ਕਰਨ ਲਈ ਇਹ ਚਾਲ ਆਮ ਹੀ ਵਰਤੀ ਜਾਂਦੀ ਸੀ।
ਉਹਨਾਂ ਨੇ ਲਿਖਿਆ ਕਿ ‘ਅਸੀਂ ਕੈਨੇਡੀਅਨ ਸਰਕਾਰ ਨੂੰ ਭਾਰਤ ਤੋਂ ਜਵਾਬਦੇਹੀ ਦੀ ਮੰਗ ਕਰਨ ਅਤੇ ਪੰਜਾਬ ਵਿੱਚ ਨਾਗਰਿਕ ਅਧਿਕਾਰਾਂ ਅਤੇ ਇੰਟਰਨੈਟ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦੇ ਹਾਂ। ਇਸ ਦੇ ਨਾਲ ਹੀ ਦੂਜੇ ਪਾਸੇ ਸਿੱਖ ਕੌਮ ਨਾਲ ਸਬੰਧਤ ਬਾਕੀ ਲੋਕ ਵੀ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਅਰਦਾਸਾਂ ਕਰ ਰਹੇ ਹਨ।’
ਕੈਨੇਡਾ 'ਚ ਸਿੱਖ ਸੰਸਦ ਮੈਂਬਰ ਜਗਮੀਤ ਸਿੰਘ ਦਾ ਟਵੀਟ
ਕੈਨੇਡਾ 'ਚ ਸਿੱਖ ਸੰਸਦ ਮੈਂਬਰ ਜਗਮੀਤ ਸਿੰਘ ਦਾ ਟਵੀਟ:ਕੈਨੇਡਾ 'ਚ ਹੀ ਹਾਊਸ ਆਫ ਕਾਮਨਜ਼ ਦੇ ਮੈਂਬਰ ਅਤੇ ਭਾਰਤੀ ਮੂਲ ਦੇ ਸਿੱਖ ਸੰਸਦ ਮੈਂਬਰ ਜਗਮੀਤ ਸਿੰਘ ਨੇ ਆਪਣੇ ਟਵੀਟ 'ਚ ਇੰਟਰਨੈੱਟ ਬੰਦ ਕਰਨ 'ਤੇ ਗੁੱਸਾ ਜ਼ਾਹਰ ਕੀਤਾ ਅਤੇ ਇਸ ਨੂੰ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਦੱਸਿਆ। ਜਗਮੀਤ ਸਿੰਘ ਨੇ ਪੁਲਿਸ ਕਾਰਵਾਈ ਦੀ ਤੁਲਨਾ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਵੀ ਕੀਤੀ।
ਇਹ ਵੀ ਪੜੋ:Case Registered Against Amritpal Singh: ਅੰਮ੍ਰਿਤਪਾਲ ਸਿੰਘ ਉੱਤੇ ਇਹ ਮਾਮਲੇ ਦਰਜ, ਜਾਣੋ ਕਿੰਨੀ ਭੁਗਤਣੀ ਪੈ ਸਕਦੀ ਹੈ ਸਜ਼ਾ