ਚੰਡੀਗੜ੍ਹ: ਲੰਡਨ 'ਚ ਭਾਰਤੀ ਦੂਤਾਵਾਸ 'ਤੇ ਖਾਲਿਸਤਾਨ ਸਮਰਥਕਾਂ ਵਲੋਂ ਹਿੰਸਕ ਪ੍ਰਦਰਸ਼ਨ ਅਤੇ ਹਮਲੇ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਸਕਾਟਲੈਂਡ ਯਾਰਡ ਵਿਖੇ ਮੈਟਰੋਪੋਲੀਟਨ ਪੁਲਿਸ ਨੇ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਵਿਅਕਤੀ ਤੋਂ ਪੁੱਛਗਿੱਛ ਕਰ ਲਈ ਗਈ ਹੈ। ਪੁੱਛਗਿੱਛ ਤੋਂ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। (Khalistani Supporter Arrest In London)
ਸ਼ੱਕੀ ਵਿਅਕਤੀ ਪੁਲਿਸ ਨੇ ਕੀਤਾ ਸੀ ਕਾਬੂ:ਮੈਟਰੋਪੋਲੀਟਨ ਪੁਲਿਸ ਨੇ ਕਿਹਾ ਕਿ ਕੁਝ ਲੋਕ 2 ਅਕਤੂਬਰ ਨੂੰ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਸ਼ੱਕੀ ਮੁਲਜ਼ਮ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਿਸ ਨੇ ਮੁਲਜ਼ਮ ਦੀ ਪਛਾਣ ਨਹੀਂ ਦੱਸੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ’ਤੇ ਲੱਗੇ ਦੋਸ਼ ਅਜੇ ਪੂਰੀ ਤਰ੍ਹਾਂ ਸਾਬਤ ਨਹੀਂ ਹੋਏ ਹਨ। ਦੋਸ਼ੀ ਸਾਬਤ ਹੋਣ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਨਾਂ ਦਾ ਖੁਲਾਸਾ ਕੀਤਾ ਜਾਵੇਗਾ।
ਐਨਆਈਏ ਦੀ ਸੂਚੀ ਵਿੱਚ ਵੀ ਸ਼ਾਮਲ ਮੁਲਜ਼ਮ:ਦੱਸ ਦਈਏ ਕਿ 19 ਮਾਰਚ ਨੂੰ ਭਾਰਤੀ ਦੂਤਘਰ 'ਤੇ ਹੋਏ ਹਮਲੇ ਦੀ ਜਾਂਚ ਵੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਕੀਤੀ ਸੀ। ਇਸ ਦੌਰਾਨ ਦਰਜਨ ਦੇ ਕਰੀਬ ਨੌਜਵਾਨਾਂ ਅਤੇ ਬਜ਼ੁਰਗਾਂ ਦੀਆਂ ਤਸਵੀਰਾਂ ਵਾਇਰਲ ਕੀਤੀਆਂ ਗਈਆਂ। ਇਨ੍ਹਾਂ 'ਚੋਂ ਇਕ ਇਹ ਵਿਅਕਤੀ ਹੈ, ਜੋ 19 ਮਾਰਚ ਨੂੰ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਲਈ ਜ਼ਿੰਮੇਵਾਰ ਸੀ। ਇਸ ਦੌਰਾਨ ਖਾਲਿਸਤਾਨ ਸਮਰਥਕ ਇਮਾਰਤ 'ਤੇ ਚੜ੍ਹ ਗਏ ਅਤੇ ਭਾਰਤੀ ਰਾਸ਼ਟਰੀ ਝੰਡਾ ਉਤਾਰਨ ਦੀ ਕੋਸ਼ਿਸ਼ ਕੀਤੀ ਸੀ। ਹਮਲੇ ਦੌਰਾਨ ਭਾਰਤੀ ਦੂਤਘਰ ਦਾ ਕਰਮਚਾਰੀ ਵੀ ਜ਼ਖਮੀ ਹੋ ਗਿਆ ਸੀ।
ਭਾਰਤ ਸਰਕਾਰ ਨੇ ਬ੍ਰਿਟੇਨ ਦੇ ਡਿਪਲੋਮੈਟ ਨੂੰ ਕੀਤਾ ਸੀ ਤਲਬ: ਦੂਤਾਵਾਸ 'ਤੇ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਬ੍ਰਿਟੇਨ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਨੂੰ ਨਵੀਂ ਦਿੱਲੀ ਤਲਬ ਕੀਤਾ ਸੀ। ਜੂਨ ਵਿੱਚ ਐਨਆਈਏ ਨੇ ਹਿੰਸਕ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਹਮਲੇ ਦੇ ਮੱਦੇਨਜ਼ਰ ਬਰਤਾਨੀਆ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਕੇਂਦਰੀ ਏਜੰਸੀ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ।
ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਖਿਲਾਫ਼ ਪ੍ਰਦਰਸ਼ਨ:ਦੱਸ ਦਈਏ ਕਿ ਮਾਰਚ ਮਹੀਨੇ 'ਚ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ, ਜਿਸ ਦੇ ਵਿਰੋਧ 'ਚ ਖਾਲਿਸਤਾਨ ਸਮਰਥਕਾਂ ਵਲੋਂ ਇਹ ਪ੍ਰਦਰਸ਼ਨ ਕਰਦਿਆਂ ਭਾਰਤੀ ਦੂਤਾਵਾਸ 'ਤੇ ਹਮਲਾ ਕੀਤਾ ਗਿਆ ਸੀ ਤੇ ਭਾਰਤੀ ਤਿਰੰਗਾ ਹੇਠਾਂ ਉਤਾਰਿਆ ਗਿਆ ਸੀ। ਜਿਸ ਤੋਂ ਬਾਅਦ ਜਾਂਚ ਏਜੰਸੀ ਐਨਆਈਏ ਐਕਸ਼ਨ 'ਚ ਆ ਗਈ ਸੀ।