ਨਵੀਂ ਦਿੱਲੀ: ਪਾਕਿਸਤਾਨ ਨੂੰ ਸ਼ਾਹਬਾਜ਼ ਸ਼ਰੀਫ ਦੇ ਰੂਪ 'ਚ ਨਵਾਂ ਪ੍ਰਧਾਨ ਮੰਤਰੀ ਮਿਲ ਗਿਆ ਹੈ। ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੂੰ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ 'ਚ ਵੋਟਿੰਗ ਤੋਂ ਬਾਅਦ ਬਿਨਾਂ ਵਿਰੋਧ ਪ੍ਰਧਾਨ ਮੰਤਰੀ ਚੁਣ ਲਿਆ ਗਿਆ। ਇਮਰਾਨ ਖਾਨ ਦੀ ਪਾਰਟੀ ਨੇ ਚੋਣਾਂ ਦਾ ਬਾਈਕਾਟ ਕੀਤਾ ਹੈ। ਪਾਕਿਸਤਾਨ ਵਿੱਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਤੋਂ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਨੇ ਸੰਸਦ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਵਧਾਈ (MODI CONGRATULATES SHEHBAZ SHARIF) ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, 'ਮੁਹੰਮਦ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈ। ਭਾਰਤ ਅੱਤਵਾਦ ਮੁਕਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਚਾਹੁੰਦਾ ਹੈ, ਤਾਂ ਜੋ ਅਸੀਂ ਆਪਣੀਆਂ ਵਿਕਾਸ ਚੁਣੌਤੀਆਂ 'ਤੇ ਧਿਆਨ ਕੇਂਦਰਿਤ ਕਰ ਸਕੀਏ ਅਤੇ ਆਪਣੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕੀਏ।
ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਾਹਬਾਜ਼ 70 ਸਾਲ ਦੇ ਹਨ ਅਤੇ ਤਿੰਨ ਵਾਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਸੰਸਦ 'ਚ ਵੋਟਿੰਗ ਤੋਂ ਪਹਿਲਾਂ ਵਿਰੋਧੀ ਧਿਰ ਦੀ ਸਾਂਝੀ ਬੈਠਕ 'ਚ ਪ੍ਰਧਾਨ ਮੰਤਰੀ ਅਹੁਦੇ ਲਈ ਸ਼ਾਹਬਾਜ਼ ਸ਼ਰੀਫ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਰੱਖਿਆ ਸੀ। ਜ਼ਰਦਾਰੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਹਿ-ਚੇਅਰਮੈਨ ਵੀ ਹਨ।
ਇਹ ਵੀ ਪੜੋ:ਵਾਅਦਿਆਂ ਨੂੰ ਪੂਰਾ ਕਰਨ ਲਈ ਹੁਣ ਭਗਵੰਤ ਮਾਨ ਸਰਕਾਰ ਨੇ ਲੋਕਾਂ ਤੋਂ ਮੰਗਿਆ ਸਮਾਂ
ਕੌਣ ਹਨ ਸ਼ਾਹਬਾਜ਼ ਸ਼ਰੀਫ: ਸ਼ਾਹਬਾਜ਼ ਦਾ ਜਨਮ 23 ਸਤੰਬਰ 1951 ਨੂੰ ਲਾਹੌਰ 'ਚ ਹੋਇਆ ਸੀ। ਉਸ ਨੇ ਆਪਣੀ ਗ੍ਰੈਜੂਏਸ਼ਨ ਲਾਹੌਰ ਤੋਂ ਹੀ ਕੀਤੀ ਸੀ। ਫਿਰ ਉਹ ਆਪਣੇ ਪਰਿਵਾਰਕ ਕਾਰੋਬਾਰ ਵਿਚ ਸ਼ਾਮਲ ਹੋ ਗਿਆ। ਵੱਡੇ ਭਰਾ ਨਵਾਜ਼ ਸ਼ਰੀਫ ਦੇ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿੱਚ ਕਦਮ ਰੱਖਿਆ। ਹਾਲਾਂਕਿ ਨਵਾਜ਼, ਸ਼ਾਹਬਾਜ਼ ਤੋਂ ਇਲਾਵਾ ਸ਼ਰੀਫ ਪਰਿਵਾਰ 'ਚ ਤੀਜਾ ਭਰਾ ਅੱਬਾਸ ਵੀ ਸੀ। ਉਹ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਮੈਂਬਰ ਵੀ ਸਨ ਪਰ ਸਾਲ 2013 ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ।