ਸੰਯੁਕਤ ਰਾਸ਼ਟਰ: ਤੁਰਕੀ ਦੇ ਰਾਸ਼ਟਰਪਤੀ ਏਰਦੋਗਨ ਨੇ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 78ਵੇਂ ਉੱਚ ਪੱਧਰੀ ਸੈਸ਼ਨ ਵਿੱਚ ਕਸ਼ਮੀਰ ਦਾ ਮੁੱਦਾ ਚੁੱਕਿਆ। ਏਰਦੋਗਨ ਨੇ ਮੰਗਲਵਾਰ ਨੂੰ ਮਹਾਸਭਾ ਦੀ ਆਮ ਬਹਿਸ ਵਿੱਚ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ "ਭਾਰਤ ਅਤੇ ਪਾਕਿਸਤਾਨ ਵਿਚਕਾਰ ਗੱਲਬਾਤ ਅਤੇ ਸਹਿਯੋਗ ਦੁਆਰਾ, ਕਸ਼ਮੀਰ ਵਿੱਚ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਸਥਾਪਤ ਕਰਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਕੀਤਾ ਜਾ ਸਕਦਾ ਹੈ।" ਉਨ੍ਹਾਂ ਕਿਹਾ, 'ਤੁਰਕੀ ਇਸ ਦਿਸ਼ਾ 'ਚ ਚੁੱਕੇ ਗਏ ਕਦਮਾਂ ਦਾ ਸਮਰਥਨ ਜਾਰੀ ਰੱਖੇਗਾ।'
ਜੀ-20 ਸੰਮੇਲਨ ਦੌਰਾਨ PM ਮੋਦੀ ਨੂੰ ਮਿਲੇ ਸਨ ਏਰਦੋਗਨ: ਏਰਦੋਗਨ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਕੁਝ ਹਫ਼ਤੇ ਪਹਿਲਾਂ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਵਪਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ 'ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਏਰਦੋਗਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪੰਜ ਸਥਾਈ ਅਤੇ 15 ‘ਗੈਰ-ਸਥਾਈ’ ਮੈਂਬਰਾ ਨੂੰ ਸਥਾਈ ਮੈਂਬਰ ਬਣਾਉਣ ਦੇ ਹੱਕ ਵਿੱਚ ਹਨ।