ਅੰਮ੍ਰਿਤਸਰ : ਸੂਬੇ 'ਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਜੰਡਿਆਲਾ ਗੁਰੂ 'ਚ ਜ਼ਹਿਰੀਲੀ ਸ਼ਰਾਬ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਇਥੋਂ ਦੇ ਸਥਾਨਕ ਮੁਹੱਲਾ ਸ਼ੇਖੂਪੁਰਾ ਤੋਂ ਸ਼ਰਾਬ ਪੀ ਕੇ ਆਇਆ ਸੀ। ਘਰ ਆਉਂਦੇ ਹੀ ਉਸ ਨੂੰ ਉਲਟੀਆਂ ਸ਼ੁਰੂ ਹੋ ਗਈਆਂ ਅਤੇ ਉਸ ਨੂੰ ਅੱਖਾਂ ਤੋਂ ਦਿਖਣਾ ਬੰਦ ਹੋ ਗਿਆ। ਉਸ ਨੂੰ ਇਲਾਜ ਲਈ ਜੰਡਿਆਲਾ ਗੁਰੂ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ ਲਿਜਾਂਦੇ ਹੋਏ ਰਾਹ 'ਚ ਰਾਜਿੰਦਰ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਤਨੀ ਨੇ ਪੰਜਾਬ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਦੋ ਛੋਟੇ ਬੱਚੇ ਹਨ। ਉਨ੍ਹਾਂ ਲਈ ਗੁਜ਼ਾਰਾ ਕਰਨਾ ਬੇਹਦ ਹੀ ਮੁਸ਼ਕਲ ਹੋ ਜਾਵੇਗਾ। ਪੀੜਤ ਪਰਿਵਾਰ ਨੇ ਸੂਬਾ ਸਰਕਾਰ ਤੋਂ ਨਸ਼ਿਆਂ ਉੱਤੇ ਠੱਲ ਪਾਉਣ, ਸ਼ਰਾਬ ਦੀ ਵਿਕ੍ਰੀ 'ਤੇ ਪਾਬੰਦੀ ਲਾਏ ਜਾਣ ਦੀ ਮੰਗ ਕੀਤੀ ਹੈ।
ਜ਼ਹਿਰਲੀ ਸ਼ਰਾਬ ਨਾਲ ਇੱਕ ਹੋਰ ਮੌਤ ਪੰਜਾਬ 'ਚ ਬਟਾਲਾ, ਤਰਨਤਾਰਨ, ਜੰਡਿਆਲਾ ਗੁਰੂ ਤੇ ਨੇੜਲੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 108 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰ ਨੇ ਕੁੱਝ ਆਬਕਾਰੀ ਅਫ਼ਸਰ ਤੇ ਪੁਲਿਸ ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਕਈ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਹਨ। ਬੇਸ਼ੱਕ ਪੁਲਿਸ ਨਸ਼ਾ ਤਸਕਰਾਂ ਨੂੰ ਫੜਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਇਸ ਮਾਮਲੇ 'ਚ ਪ੍ਰਸ਼ਾਸਨ ਦੀ ਵੱਡੀ ਲਾਪਰਵਾਈ ਦਿਖਾਈ ਦਿੱਤੀ।
ਇਸ ਮਾਮਲੇ 'ਤੇ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ। ਕਈ ਸਿਆਸੀ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਉਨ੍ਹਾਂ ਦੇ ਦੁੱਖ ਸਾਂਝੇ ਕੀਤੇ। ਕਈ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਜਗਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਧਰਨੇ ਵੀ ਲਾਏ ਜਾ ਰਹੇ ਹਨ।