ਰੂਪਨਗਰ: ਜ਼ਿਲ੍ਹੇ ਦੇ ਘਨੌਲੀ ਵਿਖੇ ਆਰਜ਼ੀ ਜੇਲ੍ਹ 'ਚ ਪੁਲਿਸ ਹਿਰਾਸਤ ਦੌਰਾਨ ਇੱਕ ਕੈਦੀ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੇ ਪਰਿਵਾਰ ਨੇ ਰੋਪੜ ਪੁਲਿਸ ਉੱਤੇ ਤੱਸ਼ਦਦ ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਇਸ ਮਾਮਲੇ 'ਚ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਜੇਲ ਦੇ ਬਾਹਰ ਮ੍ਰਿਤਕ ਦੀ ਲਾਸ਼ ਰੱਖ ਕੇ ਪੁਲਿਸ ਖਿਲਾਫ ਰੋਸ ਪ੍ਰਦਸ਼ਨ ਕੀਤਾ।
ਮੌਕੇ 'ਤੇ ਮੌਜੂਦ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਰੂਪਨਗਰ ਦੀ ਐਸਆਈਟੀ ਟੀਮ ਨੇ ਮ੍ਰਿਤਕ ਬਲਵਿੰਦਰ ਸਿੰਘ ਨੂੰ ਜ਼ੀਰਕਪੁਰ ਤੋਂ ਚੁੱਕਿਆ ਸੀ ਤੇ ਉਸ ਦੇ ਖਿਲਾਫ ਭੁੱਕੀ ਦਾ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਜਦ ਬਲਵਿੰਦਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਤਾਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅਦਾਲਤ ਨੇ ਉਸ ਨੂੰ 14 ਦਿਨਾਂ ਆਰਜ਼ੀ ਜੇਲ 'ਚ ਰੱਖੇ ਜਾਣ ਦਾ ਹੁਕਮ ਦਿੱਤਾ। ਇਸ ਵਿਚਾਲੇ ਬਿਨਾਂ ਕੋਰਟ ਦੇ ਹੁਕਮਾਂ ਤੋਂ ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਲਵਿੰਦਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਕਰੰਟ ਲਾਇਆ। ਜਿਸ ਕਾਰਨ ਪੁਲਿਸ ਹਿਰਾਸਤ 'ਚ ਉਸ ਦੀ ਮੌਤ ਹੋ ਗਈ। ਉਨ੍ਹਾਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।