ਤਰਨ ਤਾਰਨ: ਤਰਨ ਤਾਰਨ ਪੁਲਿਸ ਨੇ ਸ਼ਹਿਰ 'ਚ ਲੁੱਟ ਖੋਹ ਕਰਨ ਵਾਲੇ ਇੱਕ 6 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼ ਤਰਨ ਤਾਰਨ ਦੇ ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਰਾਤ ਦੇ ਸਮੇਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਮੁਲਜ਼ਮ ਹਥਿਆਰਾਂ ਦੀ ਨੋਕ 'ਤੇ ਰਾਹਗੀਰਾਂ ਕੋਲੋਂ ਲੁੱਟ ਕਰਦੇ ਸਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿੰਦਰ ਸਿੰਘ, ਗੁਰਸੇਵਕ ਸਿੰਘ, ਸੋਨੂੰ ਸਿੰਘ ਅਤੇ ਅਕਾਸ਼ਦੀਪ ਸਿੰਘ ਵੱਜੋ ਹੋਈ ਹੈ। ਜਦੋਂ ਕਿ ਇਸ ਗਿਰੋਹ ਦੇ ਦੋ ਹੋਰ ਮੈਂਬਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਦੋ ਪਿਸਤੌਲ, ਚਾਰ ਜ਼ਿੰਦਾ ਕਾਰਤੂਸਾਂ ਸਣੇ ਕਈ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਗਿਰੋਹ ਵੱਲੋਂ ਸ਼ਹਿਰ 'ਚ ਲੰਬੇ ਸਮੇਂ ਤੋਂ ਲੁੱਟ ਦੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਸਨ। ਬੀਤੀ 26 ਅਗਸਤ ਨੂੰ ਪਿੰਡ ਜੰਡੋਕੇ ਦੇ ਨੇੜੇ ਉਕਤ ਗਿਰੋਹ ਨੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਲੁੱਟ ਕੀਤੀ ਸੀ। ਉਕੱਤ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਤਫਤੀਸ਼ ਦੌਰਾਨ ਇਨ੍ਹਾਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਫਰਾਰ ਮੁਲਜ਼ਮਾਂ ਲਈ ਛਾਪੇਮਾਰੀ ਜਾਰੀ ਹੈ।