ਮੁੰਬਈ: ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਬਹੁਤ ਛੋਟੀ ਉਮਰੇ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਸੁਸ਼ਾਂਤ ਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ ਸੀ।
ਅਦਾਕਾਰ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਮਹਾਰਾਸ਼ਟਰ ਸਾਈਬਰ ਸੈੱਲ ਨੇ ਇਸ ਮਾਮਲੇ 'ਤੇ ਗੰਭੀਰਤਾ ਨਾਲ ਕਾਰਵਾਈ ਕਰਦਿਆਂ ਚਿਤਾਵਨੀ ਜਾਰੀ ਕੀਤੀ ਹੈ।
ਮਹਾਰਾਸ਼ਟਰ ਸਾਈਬਰ ਸੈੱਲ ਨੇ ਕੁਝ ਟਵੀਟ ਕਰਕੇ ਇਸ ਮਾਮਲੇ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਇਨ੍ਹਾਂ ਤਸਵੀਰਾਂ ਨੂੰ ਲੈ ਕੇ ਉਨ੍ਹਾਂ ਟਵੀਟ ਕੀਤਾ, 'ਸੋਸ਼ਲ ਮੀਡੀਆ 'ਤੇ ਇੱਕ ਚਿੰਤਾਜਨਕ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਤਸਵੀਰ ਪ੍ਰਸਾਰਿਤ ਕੀਤੀ ਜਾ ਰਹੀ ਹੈ, ਜੋ ਪ੍ਰੇਸ਼ਾਨ ਕਰਨ ਵਾਲਾ ਅਤੇ ਮਾੜਾ ਹੈ।
ਇਕ ਹੋਰ ਟਵੀਟ ਵਿੱਚ ਮਹਾਰਾਸ਼ਟਰ ਸਾਈਬਰ ਸੈੱਲ ਨੇ ਲਿਖਿਆ, 'ਸੋਸ਼ਲ ਮੀਡੀਆ 'ਤੇ ਅਜਿਹੀ ਤਸਵੀਰ ਫੈਲਾਉਣਾ ਕਾਨੂੰਨੀ ਦਿਸ਼ਾ ਨਿਰਦੇਸ਼ਾਂ ਅਤੇ ਅਦਾਲਤ ਦੇ ਆਦੇਸ਼ਾਂ ਦੇ ਵਿਰੁੱਧ ਹੈ। ਅਜਿਹਾ ਕਰਨ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।'
ਆਖਰੀ ਟਵੀਟ ਵਿੱਚ ਉਨ੍ਹਾਂ ਲਿਖਿਆ, 'ਮਹਾਰਾਸ਼ਟਰ ਸਾਈਬਰ ਨੇ ਲੋਕਾਂ ਨੂੰ ਅਜਿਹੀ ਤਸਵੀਰ ਸ਼ੇਅਰ ਕਰਨ ਤੋਂ ਗੁਰੇਜ਼ ਕਰਨ ਦੀ ਹਿਦਾਇਤ ਦਿੱਤੀ ਹੈ। ਨਾਲ ਹੀ ਇਹ ਵੀ ਕਿਹਾ ਗਿਆ ਕਿ ਜਿਹੜੀ ਤਸਵੀਰ ਸੋਸ਼ਲ ਮੀਡੀਆ 'ਤੇ ਫੈਲਾਈ ਗਈ ਹੈ, ਉਸ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ।
ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ 'ਤੇ ਕਈ ਬਾਲੀਵੁੱਡ ਮਸ਼ਹੂਰ ਵਿਅਕਤੀਆਂ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਦੱਸ ਦੇਈਏ ਕਿ ਐਤਵਾਰ 14 ਜੂਨ ਦੀ ਸਵੇਰ ਨੂੰ ਸੁਸ਼ਾਂਤ ਨੇ ਫਾਹਾ ਲੈ ਲਿਆ ਅਤੇ ਆਪਣੀ ਜਾਨ ਦੇ ਦਿੱਤੀ। ਉਹ ਲੰਬੇ ਸਮੇਂ ਤੋਂ ਡਿਪਰੈਸ਼ਨ ਵਿੱਚ ਸਨ ਤੇ ਉਸਦਾ ਇਲਾਜ ਵੀ ਕੀਤਾ ਜਾ ਰਿਹਾ ਸੀ।