ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਕੈਂਪਸ ਦੀ ਪਹਿਲੇ ਪੜਾਅ ਦੀ ਉਸਾਰੀ ਲਈ ਮਨਜ਼ੂਰ ਕੀਤੀ 60 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।ਉਨ੍ਹਾਂ ਵਿੱਤ ਵਿਭਾਗ ਨੂੰ ਇਸ ਵੱਕਾਰੀ ਸੰਸਥਾ ਲਈ ਇਸ ਸਾਲ ਦੇ ਬਜਟ ਵਿੱਚ ਐਲਾਨੀ ਰਾਸ਼ੀ ਵਧਾਉਣ ਲਈ ਵੀ ਆਖਦਿਆਂ ਕਿਹਾ ਕਿ ਯੂਨੀਵਰਸਿਟੀ ਲਈ ਅਲਾਟ ਕੀਤੇ 15 ਕਰੋੜ ਰੁਪਏ ਬਹੁਤ ਘੱਟ ਹਨ। ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਦੀ ਪ੍ਰਗਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਵੀ ਆਖਿਆ ਕਿ ਕੈਂਪਸ ਦੀ ਉਸਾਰੀ ਲਈ ਇਕ ਚੀਫ ਇੰਜਨੀਅਰ ਦੀ ਡਿਊਟੀ ਲਗਾਉਂਦਿਆਂ ਉਸ ਨੂੰ ਕਿਸੇ ਚੰਗੇ ਬਾਹਰੀ ਕੰਸਲਟੈਂਟ ਨਾਲ ਵਿਚਾਰ ਵਟਾਂਦਰਾ ਕਰਕੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਯੂਨੀਵਰਸਿਟੀ ਦੇ ਕੰਮ ਵਿੱਚ ਤੇਜ਼ੀ ਲਿਆਉ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲਮੇਲ ਵਾਸਤੇ ਤਿੰਨ ਮੈਂਬਰੀ ਕਮੇਟੀ ਬਣਾਉਣ ਲਈ ਆਖਿਆ। ਖੇਡ ਯੂਨੀਵਰਸਿਟੀ 2019 ਤੋਂ ਕਿਸੇ ਹੋਰ ਕੈਂਪਸ ਤੋਂ ਕੰਮ ਕਰ ਰਹੀ ਹੈ।ਖੇਡ ਯੂਨੀਵਰਸਿਟੀ ਲਈ ਵਿਸ਼ਵ ਪੱਧਰੀ ਪਾਠਕ੍ਰਮ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਬਰਤਾਨੀਆ ਦੀ ਲਫਬਰੌਫ ਯੂਨੀਵਰਸਿਟੀ ਨਾਲ ਸੰਸਥਾਗਤ ਸਹਿਯੋਗ ਬਣਾਉਣ ਲਈ ਆਪਸੀ ਸਹਿਮਤੀ ਦੇ ਸਮਝੌਤੇ (ਐਮ.ਓ.ਯੂ.) ਦੇ ਖਰੜੇ ਨੂੰ ਵੀ ਪ੍ਰਵਾਨਗੀ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਨੂੰ ਖੇਡ ਧੁਰੇ ਵਜੋਂ ਵਿਕਸਤ ਹੁੰਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਵਿਭਾਗ ਨੂੰ ਕੈਂਪਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾ ਨੇ ਮੀਟਿੰਗ ਵਿੱਚ ਦੱਸਿਆ ਕਿ ਪਟਿਆਲਾ-ਭਾਦਸੋਂ ਰੋਡ 'ਤੇ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਮੌਜੂਦਾ ਸਮੇਂ ਪੂਰੇ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਕੈਂਪਸ 100 ਏਕੜ ਦੇ ਕਰੀਬ ਰਕਬੇ ਵਿੱਚ ਫੈਲਿਆ ਹੋਇਆ। ਮੀਟਿੰਗ ਵਿੱਚ ਦੱਸਿਆ ਗਿਆ ਕਿ ਮੌਜੂਦਾ ਸਮੇਂ 2019-20 ਸੈਸ਼ਨ ਲਈ ਦਾਖਲੇ ਕੀਤੇ ਜਾ ਚੁੱਕੇ ਹਨ ਅਤੇ 130 ਵਿਦਿਆਰਥੀਆਂ ਨੇ ਦਾਖਲਾ ਲਿਆ। ਇਸ ਸਾਲ ਦੇ ਬਜਟ ਵਿੱਚ 76 ਪੋਸਟਾਂ ਮਨਜ਼ੂਰ ਕੀਤੀਆਂ ਗਈਆਂ ਹਨ।