ਚੰਡੀਗੜ੍ਹ: ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਖੇਡ ਪਿੜ ਵਿੱਚ ਆਪਣੇ ਵਿਰੋਧੀਆਂ ਨੂੰ ਸਖ਼ਤ ਟੱਕਰ ਦੇਣ ਦੇ ਯੋਗ ਬਣਾਉਣ ਲਈ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਪ੍ਰਸਿੱਧ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਆਲਮੀ ਪੱਧਰ ਦਾ ਖੇਡਾਂ ਦਾ ਤਕਨੀਕੀ ਸਾਜ਼ੋ-ਸਾਮਾਨ ਮੁਹੱਈਆ ਕੀਤਾ।
ਆਪਣੇ ਗ੍ਰਹਿ ਵਿਖੇ ਸੰਖੇਪ ਸਮਾਰੋਹ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਦਫ਼ਾ ਹੈ, ਜਦੋਂ ਖਿਡਾਰੀਆਂ ਨੂੰ ਟਰੇਨਿੰਗ ਲਈ ਮਹਿੰਗਾ ਤਕਨੀਕੀ ਸਾਮਾਨ ਮੁਹੱਈਆ ਕੀਤਾ ਗਿਆ ਹੋਵੇ। ਖੇਡ ਮੰਤਰੀ ਨੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਮੱਲਾਂ ਮਾਰਨ ਵਾਲੇ 24 ਖਿਡਾਰੀਆਂ ਨੂੰ ਤਕਰੀਬਨ 95 ਲੱਖ ਰੁਪਏ ਦਾ ਖੇਡਾਂ ਦਾ ਸਾਮਾਨ ਸੌਂਪਿਆ। ਰਾਣਾ ਸੋਢੀ ਨੇ ਖਿਡਾਰੀਆਂ ਨੂੰ ਆਪਣੀ ਖੇਡ ਤੇ ਅਨੁਸ਼ਾਸਨ ਵੱਲ ਸਭ ਤੋਂ ਵੱਧ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਲਈ ਮਾਹੌਲ ਸਿਰਜਣ ਵਾਸਤੇ ਆਧੁਨਿਕ ਸਾਜ਼ੋ-ਸਾਮਾਨ ਦੀ ਲੋੜ ਹੈ। ਇਸ ਲਈ ਖੇਡ ਵਿਭਾਗ ਨੇ ਖਿਡਾਰੀਆਂ ਨੂੰ ਆਧੁਨਿਕ ਕਿਸਮ ਦਾ ਸਾਮਾਨ ਮੁਹੱਈਆ ਕੀਤਾ ਹੈ ਤਾਂ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਲੋੜੀਂਦੇ ਸਾਮਾਨ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰ ਦਾ ਖੇਡ ਢਾਂਚਾ ਬਣਾ ਰਹੀ ਹੈ ਅਤੇ ਖਿਡਾਰੀਆਂ ਨੂੰ ਤਕਨੀਕੀ ਸਹਾਇਤਾ, ਸਿੱਖਿਆ, ਸਰਕਾਰੀ ਨੌਕਰੀਆਂ ਤੋਂ ਇਲਾਵਾ ਨਕਦ ਇਨਾਮੀ ਰਾਸ਼ੀ ਵੀ ਵਧਾਈ ਗਈ ਹੈ। ਇਸ ਸਮੇਂ ਖੇਡ ਮੰਤਰੀ ਨਾਲ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਰਾਜ ਕਮਲ ਚੌਧਰੀ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਪੀ.ਆਈ.ਐਸ. ਦੇ ਡਾਇਰੈਕਟਰ ਅਮਰਦੀਪ ਸਿੰਘ ਅਤੇ ਜੁਆਇੰਟ ਸਕੱਤਰ ਕਰਤਾਰ ਸਿੰਘ ਹਾਜ਼ਰ ਸਨ।