ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ 100 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਰਾਜਪਾਲ ਵੀਪੀ ਸਿੰਘ ਬਦਨੌਰ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਜਲ੍ਹਿਆਂਵਾਲਾ ਬਾਗ ਪੁੱਜੇ ਅਤੇ ਸ਼ਹੀਦਾਂ ਨੂੰ ਸ਼ਰਧਾ ਦਾ ਫੁੱਲ ਭੇਂਟ ਕੀਤੇ।
ਇਸ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨਰ ਜਲ੍ਹਿਆਂਵਾਲਾ ਬਾਗ਼ ਪੁੱਜੇ ਅਤੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਬੀਤੇ ਦਿਨ ਇੱਕ ਕੈਂਡਲ ਮਾਰਚ ਕੱਢਿਆ ਗਿਆ ਜਿਸ ਵਿੱਚ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਿੱਸਾ ਲਿਆ। ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਉਪ ਰਾਸ਼ਟਰਪਤੀ ਨੇ ਜਾਰੀ ਕੀਤਾ ਸਿੱਕਾ ਤੇ ਡਾਕ ਟਿਕਟ
ਜਲ੍ਹਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਸਰਕਾਰ ਵਲੋਂ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ ਗਿਆ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੰਮ੍ਰਿਤਸਰ ’ਚ ਜਲ੍ਹਿਆਂਵਾਲਾ ਬਾਗ਼ ਯਾਦਗਾਰੀ ਸਥਾਨ ’ਤੇ ਸ਼ਹੀਦਾਂ ਦੀ ਯਾਦ ’ਚ 100 ਰੁਪਏ ਦਾ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਉੱਪ ਰਾਸ਼ਟਰਪਤੀ ਨੇ ਅੰਮ੍ਰਿਤਸਰ ’ਚ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਇੱਕ ਨੁਮਾਇਸ਼ ਦਾ ਉਦਘਾਟਨ ਵੀ ਕੀਤਾ।
ਮਹਾਤਮਾ ਗਾਂਧੀ ਦੇ ਖਾਸ ਦੋਸਤ ਕਰਨਗੇ ਸ਼ਿਰਕਤ
ਮਿਲੀ ਜਾਣਕਾਰੀ ਅਨੁਸਾਰ ਇਸ ਸਮਾਗਮ 'ਚ ਇਕ ਵਿਸ਼ੇਸ਼ ਮਹਿਮਾਨ ਨੇ ਵੀ ਸ਼ਿਰਕਤ ਕੀਤੀ ਜੋ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਖਾਸ ਦੋਸਤ ਮੌਲਾਨਾ ਅਬਦੁਲ ਬਾਰੀ ਫਿਰੰਗੀ ਮਾਹਲੀ ਦੀ ਚੌਥੀ ਪੀੜੀ ਹੈ। ਇਸ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ’ਚ 13 ਅਪ੍ਰੈਲ 1919 ਨੂੰ ਅੰਗਰੇਜ਼ਾਂ ਨੇ ਨਿਹੱਥੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।