ਅੰਮ੍ਰਿਤਸਰ :ਕੇਂਦਰ ਸਰਕਾਰ ਦੀਆਂ ਲਗਾਤਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਕਾਰਨ ਬੁਰੇ ਦੌਰ ਵਿੱਚੋਂ ਲੰਘ ਰਹੇ ਕਿਸਾਨਾਂ ਮਜ਼ਦੂਰਾ ਨੇ 18 ਸੰਗਠਨਾਂ ਦੀ ਅਗੁਵਾਈ ਵਿੱਚ ਭਾਰਤ ਦੇ 6 ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਿਸਥਾਨ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆ ਦੇ ਪੁਤਲੇ ਫੂਕ ਕੇ ਕਿਸਾਨੀ ਦੁਸ਼ਹਿਰਾ ਮਨਾਇਆ ਹੈ।
ਇਹ ਹਨ ਮੰਗਾਂ :ਅੰਮ੍ਰਿਤਸਰ ਦੇ ਰਣਜੀਤ ਅਵਨਿਊ ਵਿੱਚ ਵੀ ਕਿਸਾਨਾਂ ਵੱਲੋ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। 18 ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਮੈਬਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ 15 ਅਤੇ ਹਰਿਆਣਾ ਵਿਚ 5 ਜਿਲ੍ਹਿਆਂ ਸਮੇਤ ਦੂਜੇ ਰਾਜਾਂ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸੈਕੜਿਆਂ ਦੀ ਗਿਣਤੀ ਵਿੱਚ ਇਹ ਰੋਸ ਮੁਜ਼ਾਹਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਮੁਜਾਹਰਿਆਂ ਦੀ ਮੰਗ ਹੈ ਕਿ ਪੂਰੇ ਦੇਸ਼ ਲਈ ਸਾਰੀਆਂ ਫਸਲਾਂ ਦੀ ਖਰੀਦ ਤੇ ਐੱਮਐੱਸਪੀ ਗਰੰਟੀ ਕਨੂੰਨ ਬਣਾ ਕੇ ਸਾਰੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ C2+50% ਦੇ ਫਾਰਮੂਲੇ ਨਾਲ ਦਿੱਤਾ ਜਾਵੇ, ਮਨਰੇਗਾ ਤਹਿਤ ਦੇਸ਼ ਭਰ ਦੇ ਮਜਦੂਰਾਂ ਨੂੰ ਹਰ ਸਾਲ 200 ਦਿਨ ਰੁਜ਼ਗਾਰ ਦਿਤਾ ਜਾਵੇ, ਕਿਸਾਨਾ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ।