ਅੰਮ੍ਰਿਤਸਰ: ਜੂਨ 1984 ਵਿੱਚ ਭਾਰਤੀ ਫ਼ੌਜਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਹਮਲਾ ਕੀਤਾ ਗਿਆ, ਜਿਸ ਦੌਰਾਨ ਹਜ਼ਾਰਾਂ ਸਿੱਖ ਸ਼ਰਧਾਲੂ ਇਸ ਹਮਲੇ ਵਿੱਚ ਮਾਰੇ ਗਏ। ਇਸ ਸਮੇਂ ਸ਼ਹੀਦ ਹੋਏ ਸਿੰਘਾਂ ਦੇ ਨਮਿੱਤ ਹਰ ਸਾਲ ਸਿੱਖ ਜਥੇਬੰਦੀਆਂ ਸਮਾਗਮ ਕਰਦੀਆਂ ਹਨ। ਇਸੇ ਤਹਿਤ ਹੀ ਦਮਦਮੀ ਟਕਸਾਲ ਅੰਮ੍ਰਿਤਸਰ ਵੱਲੋਂ ਵੀ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਪਿੰਡ ਸੰਗਰਾਵਾਂ ਵਿਖੇ ਹਰ ਸਾਲ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸਮਾਗਮ ਸਬੰਧੀ ਈਟੀਵੀ ਭਾਰਤ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਨਾਲ ਗੱਲਬਾਤ ਕੀਤੀ ਗਈ।
ਬਾਬਾ ਰਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਲ 1978 ਅਤੇ ਸਾਲ 1984 ਵਿੱਚ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ। ਇਸ ਮੌਕੇ ਗੁਰਸ਼ਬਦ ਵਿਚਾਰਾਂ, ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਜੋੜਿਆ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਕਰਕੇ ਪੈਦਾ ਹੋਏ ਹਲਾਤਾਂ ਕਰਕੇ ਸਮਾਗਮ ਮੌਕੇ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ।