ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 29 ਅਪ੍ਰੈਲ ਤੋਂ ਸ਼ੁਰੂ ਕੀਤੇ ਗਏ ਸੀ। ਸੰਕੇਤਕ ਰੂਪ 'ਚ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਤਹਿਤ ਵੀਰਵਾਰ ਨੂੰ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰੂ ਕਾ ਮਹਿਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ ਗਏ, ਜਿਨ੍ਹਾਂ ਦਾ ਅੱਜ ਪ੍ਰਕਾਸ਼ ਪੁਰਬ ਮੌਕੇ ਭੋਗ ਪਾਇਆ ਜਾਵੇਗਾ।
ਸਮਾਗਮਾਂ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਸਾਹਿਬ ਵਿਖੇ ਵੱਖ-ਵੱਖ ਰਾਗੀ-ਢਾਡੀ ਅਤੇ ਕਵੀਸ਼ਰ ਜਥਿਆਂ ਨੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ-ਜਸ ਸਰਵਣ ਕਰਵਾਇਆ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।
ਅਰਦਾਸ ਮਗਰੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ, ਜਦਕਿ ਸੰਗਤ ਗੁਰਬਾਣੀ ਦੇ ਸ਼ਬਦ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਨਾਲ ਚੱਲ ਰਹੀਆਂ ਸਨ। ਗਤਕਾ ਅਤੇ ਬੈਂਡ ਪਾਰਟੀਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ। ਬੇਸ਼ੱਕ ਕੋਰੋਨਾ ਦੇ ਚੱਲਦਿਆਂ ਸੰਗਤ ਦੀ ਸ਼ਮੂਲੀਅਤ ਸੀਮਤ ਰਹੀ, ਪਰੰਤੂ ਹਾਜ਼ਰ ਸੰਗਤ ਅੰਦਰ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਪ੍ਰਤੀ ਉਤਸ਼ਾਹ ਸੀ।
ਕੋਵਿਡ ਨਿਯਮਾਂ ਦੀ ਪਾਲਣਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ 29 ਅਪ੍ਰੈਲ ਤੋਂ ਸ਼ੁਰੂ ਸਮਾਗਮਾਂ 'ਚ ਸਰਕਾਰੀ ਹਦਾਇਤਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਸ਼ਨੀਵਾਰ ਦੇ ਦਿਨ ਵੀਕਐਂਡ ਲੌਕਡਾਉਨ 'ਚ ਥੋੜ੍ਹੀ ਜਿਹੀ ਢਿੱਲ ਦਿੱਤੀ ਜਾਵੇ ਤਾਂ ਜੋ ਲੋਕ ਆਪਣੀ ਆਸਥਾ ਦਾ ਪ੍ਰਗਟਾਵਾ ਕਰ ਸਕਣ। ਉਥੇ ਹੀ ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਦੇ ਕਾਰਨ ਉਹ ਆਪਣੇ ਘਰ ਦੇ ਵਿੱਚ ਰਹਿ ਕੇ ਹੀ ਬਾਣੀ ਦਾ ਉਚਾਰਨ ਕਰਨ।
400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਆਉਣ ਤੋਂ ਪੰਥਕ ਸ਼ਖ਼ਸੀਅਤਾਂ ਨੂੰ ਰੋਕਣਾ ਮੰਦਭਾਗਾ: ਬੀਬੀ ਜਗੀਰ ਕੌਰ