ਅੰਮ੍ਰਿਤਸਰ:ਜ਼ਿਲ੍ਹੇ ਦੀ ਥਾਣਾ ਡੀ ਡਿਵੀਜ਼ਨ ਦੀ ਪੁਲਿਸ ਕੋਲ ਪਰਿਵਾਰ ਵੱਲੋਂ ਉਨ੍ਹਾਂ ਦੀ ਲੜਕੀ ਅਗਵਾ ਹੋਣ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਬਰਾਮਦ ਕਰ ਲਿਆ ਸੀ। ਇਸ ਮਾਮਲੇ ਵਿੱਚ ਥਾਣਾ ਡੀ ਡਿਵੀਜ਼ਨ ਦੀ ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਨਾਬਾਲਿਗ ਲੜਕੀ ਦੇ ਨਾਲ ਕਾਬੂ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਲੜਕੀ ਦੀ ਮਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ ਜਿਸਦੀ ਕਾਰਵਾਈ ਦੁਰਗਿਆਣਾ ਚੌਕੀ ਵਿੱਚ ਉਸ ਸਮੇਂ ਇੰਚਾਰਜ ਪ੍ਰਵੀਨ ਕੁਮਾਰ ਏਐਸਆਈ ਕਰ ਰਿਹਾ ਸੀ ਉਸ ’ਤੇ ਲੜਕੀ ਦੇ ਪਰਿਵਾਰ ਵੱਲੋਂ ਕਈ ਗੰਭੀਰ ਇਲਜ਼ਾਮ ਲਗਾਏ ਗਏ ਹਨ। ਜਾਣਕਾਰੀ ਅਨੁਸਾਰ ਜਦੋਂ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ। ਪਰਿਵਾਰ ਨੇ ਕਿਹਾ ਕਿ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਨ ਤੋਂ ਬਾਅਦ ਉਨ੍ਹਾਂ ਦੀ ਧੀ ਉਨ੍ਹਾਂ ਨੂੰ ਮਿਲੀ ਹੈ ਅਤੇ ਇਸ ਮਾਮਲੇ ਵਿੱਚ ਲੜਕੀ ਨਾਲ ਇੱਕ ਲੜਕੇ ਨੂੰ ਵੀ ਬਰਾਮਦ ਕੀਤਾ ਗਿਆ ਹੈ।
ਲੜਕੀ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਸ ਨਾਲ ਕਈ ਲੜਕਿਆਂ ਵੱਲੋਂ ਦਿਨ ਰਾਤ ਜ਼ਬਰਜਨਾਹ ਕੀਤਾ ਗਿਆ ਹੈ। ਲੜਕੀ ਅਤੇ ਉਸਦੇ ਪਰਿਵਾਰ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਲੜਕੀ ਅਤੇ ਉਸਦੇ ਪਰਿਵਾਰ ਨੇ ਕਿਹਾ ਕਿ ਕਈ ਲੜਕਿਆਂ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ ਪਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਖਿਲਾਫ਼ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਬਾਕੀ ਮੁਲਜ਼ਮਾਂ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।