ਅੰਮ੍ਰਿਤਸਰ: ਪਾਕਿਸਤਾਨ 'ਚ ਸਥਿਤ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਵਾਘਾ ਸਰਹੱਦ ਰਾਹੀਂ ਵਤਨ ਪਰਤਿਆ। ਅਟਾਰੀ ਸਰਹੱਦ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਜੱਥਾ ਮੈਂਬਰਾਂ ਲਈ ਲੰਗਰ, ਚਾਹ ਪਾਣੀ ਦੇ ਨਾਲ-ਨਾਲ ਸੰਗਤਾਂ ਨੂੰ ਅੰਮ੍ਰਿਤਸਰ ਪਹੁੰਚਾਉਣ ਲਈ ਵਿਸ਼ੇਸ਼ ਬੱਸਾਂ ਦਾ ਵੀ ਪ੍ਰਬੰਧ ਕੀਤਾ ਗਿਆ।
ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਵਾਘਾ ਸਰਹੱਦ ਰਾਹੀਂ ਪਰਤਿਆ ਵਤਨ ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਣ 'ਤੇ ਸਿਹਤ ਵਿਭਾਗ ਦੀ ਟੀਮ ਨੇ ਸ਼ਰਧਾਲੂਆਂ ਦੀ ਮੁਕੱਮਲ ਡਾਕਟਰੀ ਜਾਂਚ ਕੀਤੇ ਜਾਣ 'ਤੇ 1 ਸ਼ਰਧਾਲੂ ਗੁਰਮੀਤ ਸਿੰਘ ਕੋਰੋਨਾ ਪੌਜ਼ੀਟਿਵ ਪਾਇਆ ਗਿਆ। ਇਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਗੁਰੂ ਨਾਨਕ ਦੇਵ ਹਸਪਤਾਲ ਲੈ ਜਾਕੇ ਇਲਾਜ਼ ਸ਼ੁਰੂ ਕੀਤਾ ਗਿਆ।
ਇਸ ਮੌਕੇ ਨਨਕਾਣਾ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਪੰਜਾਬ, ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ ਸਮੇਤ ਵੱਖ-ਵੱਖ ਰਾਜਾਂ ਨਾਲ ਸਬੰਧਿਤ ਸ਼ਰਧਾਲੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਦੇ ਦਰਸ਼ਨਾਂ ਦਾ ਮੌਕਾ ਮਿਲਣ ਤੇ ਅਤਿਅੰਤ ਪ੍ਰਸੰਨਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਅਸੀ ਨਨਕਾਣਾ ਸਾਹਿਬ ਵਿਖੇ ਸਥਿਤ 7 ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਨੇ ਪਾਕਿਸਤਾਨ ਦੇ ਲੋਕਾਂ ਵੱਲੋਂ ਮਿਲੇ ਪਿਆਰ ਸਤਿਕਾਰ ਅਤੇ ਜੱਥੇ ਲਈ ਕੀਤੇ ਗਏ ਪ੍ਰਬੰਧਾਂ 'ਤੇ ਵੀ ਖੁਸ਼ੀ ਜਾਹਿਰ ਕੀਤੀ। ਸੰਗਤਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਨਕਾਣਾ ਸਾਹਿਬ ਤੋਂ ਬਿਨਾਂ ਬਾਕੀ ਗੁਰਧਾਮਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇਣ ਤੇ ਨਿਰਾਸ਼ਾ ਜਤਾਈ।
ਜੱਥਾ ਲੀਡਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਅਤੇ ਸਾਂਭ ਸੰਭਾਲ 'ਤੇ ਤੱਸਲੀ ਪ੍ਰਗਟਾਈ। ਸੰਗਤਾਂ ਨੇ ਮੁੜ ਤੋਂ ਭਾਰਤ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਅਪੀਲ ਕੀਤੀ ਤਾਂ ਜੋ ਸੰਗਤਾਂ ਗੁਰੂ ਸਾਹਿਬ ਦੇ ਪਾਵਨ ਅਸਥਾਨ ਦੇ ਖੁਲ੍ਹੇ ਦਰਸ਼ਨ ਕਰ ਸਕਣ।