ਅੰਮ੍ਰਿਤਸਰ: ਪੰਜਾਬ ਸਰਕਾਰ ਵਲੋਂ ਸੂਬਾ ਵਿੱਚ ਕਣਕ ਦੀ ਸੁਰੱਖਿਅਤ ਤੇ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਤਾਇਨਾਤ ਕੀਤੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸੇ ਤਹਿਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ‘ਚ ਕਿਸਾਨਾਂ ਨੂੰ ਕਣਕ ਲਿਆਉਣ ਲਈ ਦਿੱਤੇ ਜਾਂਦੇ ਪਾਸ, ਕਣਕ ਦੀ ਗੁਣਵੱਤਾ, ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸਬੰਧੀ ਅਤੇ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਿਲ ਕੀਤੀ। ਨਾਲ ਹੀ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪਰੇਸ਼ਾਨੀ
ਇਸ ਮੌਕੇ ਡੀਐਫਐਸਸੀ ਰਿਸ਼ੀ ਰਾਜ ਮਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ‘ਚ ਕਣਕ ਦੀ ਖ਼ਰੀਦ ਨਿਰਵਿਘਨ ਸ਼ੁਰੂ ਹੈ ਅਤੇ ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਰੋਜ਼ਾਨਾ ਖ਼ੁਦ ਇਸ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ।