ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇੱਕ ਈਮੇਲ ਭੇਜ ਕੇ ਦਰਜ ਕਰਵਾਇਆ ਹੈ।
ਨਿਯੁਕਤੀ ਸਿੱਖ ਭਾਵਨਾਵਾਂ ਅਤੇ ਮਰਯਾਦਾ ਅਨੁਸਾਰ ਨਹੀਂ :ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਯਾਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਯਾਦਾ ਲਾਗੂ ਕਰਨ ਲਈ ਅਗਵਾਈ ਕਰਨਾ ਅਤੇ ਸਮੇਂ ਸਮੇਂ ਨਿਰਦੇਸ਼ ਦੇਣਾ ਹੈ, ਇਸ ਲਈ ਕਿਸੇ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ।