ਡਾਕਟਰਾਂ ਦੀ ਭੜਕੇ ਪਰਿਵਾਰ ਨੇ ਕੀਤੀ ਕੁੱਟਮਾਰ ਅੰਮ੍ਰਿਤਸਰ: ਜ਼ਿਲ੍ਹੇ ਦਾ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਆਏ ਦਿਨ ਹੀ ਵਿਵਾਦਾਂ ਕਰਕੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਅਤੇ ਅੱਜ ਇੱਕ ਵਾਰ ਫਿਰ ਤੋਂ ਗੁਰੂ ਨਾਨਕ ਦੇਵ ਹਸਪਤਾਲ ਚਰਚਾ ਦਾ ਵਿਸ਼ਾ ਬਣਦਾ ਹੋਇਆ ਨਜ਼ਰ ਆ ਰਿਹਾ ਹੈ। ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੇ ਬੱਚੇ ਨੂੰ ਤੇਜ਼ ਬੁਖਾਰ ਸੀ, ਜਿਸ ਕਰਕੇ ਉਹਨਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਆਪਣੇ ਬੱਚੇ ਨੂੰ ਦਾਖਲ ਕਰਵਾਇਆ ਸੀ। ਲਗਾਤਾਰ ਹੀ ਉਹਨਾਂ ਦੇ ਬੱਚਿਆਂ ਨੂੰ ਡਾਕਟਰਾਂ ਵੱਲੋਂ ਗਲੂਕੋਜ਼ ਲਗਾਏ ਜਾ ਰਹੇ ਸਨ ਅਤੇ ਡਾਕਟਰਾਂ ਦੀ ਅਣਗਹਿਲੀ ਦੇ ਨਾਲ ਹੀ ਉਹਨਾਂ ਦੇ ਬੱਚੇ ਦੀ ਮੌਤ ਹੋਈ ਹੈ।
ਡਾਕਟਰਾਂ ਨਾਲ ਕੁੱਟਮਾਰ:ਜਦੋਂ ਪਰਿਵਾਰਿਕ ਮੈਂਬਰਾਂ ਵੱਲੋਂ ਡਾਕਟਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਬਦਸਲੂਕੀ ਕੀਤੀ। ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਅਤੇ ਹੁਣ ਡਾਕਟਰਾਂ ਵੱਲੋਂ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੂੰ ਪੁਲਿਸ ਸਟੇਸ਼ਨ ਵਿੱਚ ਫੜਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਹੁਣ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਪੁਲਿਸ ਤੋਂ ਛੁਡਵਾਇਆ ਜਾਵੇ ਤਾਂ ਕਿ ਉਹ ਘਰ ਜਾ ਕੇ ਆਪਣੇ ਮ੍ਰਿਤਕ ਬੱਚੇ ਦੀਆਂ ਅੰਤਿਮ ਰਸਮਾਂ ਕਰ ਸਕਣ।
ਡਾਕਟਰ ਜ਼ਖ਼ਮੀ ਹੋਇਆ:ਇਸ ਸਾਰੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਹਨਾਂ ਕੋਲ ਇੱਕ ਅੱਠ ਸਾਲ ਦਾ ਬੱਚਾ ਆਇਆ ਸੀ, ਜਿਸ ਨੂੰ ਦਿਮਾਗੀ ਬੁਖ਼ਾਰ ਸੀ ਅਤੇ ਡਾਕਟਰਾਂ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ ਫਿਰ ਵੀ ਉਸ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਉਸ ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜਾਣਬੁੱਝ ਕੇ ਜੂਨੀਅਰ ਡਾਕਟਰਾਂ ਦੇ ਨਾਲ ਬਦਸਲੂਕੀ ਕੀਤੀ ਗਈ ਅਤੇ ਉਹਨਾਂ ਨਾਲ ਕੁੱਟਮਾਰ ਵੀ ਕੀਤੀ ਗਈ। ਜਿਸ ਨਾਲ ਕਿ ਇੱਕ ਕੇਰਲਾ ਦਾ ਜੂਨੀਅਰ ਡਾਕਟਰ ਜ਼ਖ਼ਮੀ (Junior doctor of Kerala injured) ਹੋਇਆ ਹੈ।
ਦੂਸਰੇ ਪਾਸੇ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਹਸਪਤਾਲ ਦੇ ਵਿੱਚ ਇਲਾਜ ਦੌਰਾਨ ਇੱਕ ਬੱਚੇ ਦੀ ਮੌਤ ਹੋਈ ਹੈ ਅਤੇ ਉਸ ਬੱਚੇ ਦੇ ਪਰਿਵਾਰਿਕ ਮੈਂਬਰਾਂ ਅਤੇ ਡਾਕਟਰ ਵਿਚਾਲੇ ਇਸ ਗੱਲ ਨੂੰ ਲੈ ਕੇ ਝਗੜਾ ਹੋਇਆ। ਫਿਲਹਾਲ ਹਸਪਤਾਲ ਦੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ (Check the CCTV cameras) ਜਾ ਰਹੇ ਹਨ ਅਤੇ ਜਿਨ੍ਹਾਂ ਵਿਅਕਤੀਆਂ ਵੱਲੋਂ ਡਾਕਟਰਾਂ ਨਾਲ ਕੁੱਟਮਾਰ ਕੀਤੀ ਗਈ ਹੈ ਉਹਨਾਂ ਨੂੰ ਫਿਲਹਾਲ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੋਇਆ ਹੈ ਅਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।