ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਮੌਤਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ, ਜਿਸ ਕਾਰਨ ਸਰਕਾਰ ਨੇ ਦੁਬਾਰਾ 31 ਅਗਸਤ ਤੱਕ ਲੌਕਡਾਊਨ ਦੇ ਸਖਤ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਕੋਰੋਨਾ ਕਾਰਨ ਸ਼ਾਮ ਨੂੰ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਾ ਲੌਕਡਾਊਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਸਾਨੂੰ ਨਹੀਂ ਡਰ ਕੋਰੋਨਾ ਦਾ, ਅੰਮ੍ਰਿਤਸਰ 'ਚ ਲੋਕ ਸਰੇਆਮ ਉਡਾ ਰਹੇ ਧੱਜੀਆਂ - Lockdown
ਸੂਬੇ ਵਿੱਚ ਲਾਏ ਦੁਬਾਰਾ ਲੌਕਡਾਊਨ ਦੀ ਲੋਕਾਂ ਵਿੱਚ ਵਿਰੋਧਤਾ ਪਾਈ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਲੋਕਾਂ ਵੱਲੋਂ ਨਿਯਮਾਂ ਦੀਆਂ ਧੱਜੀਆਂ ਉਡਾਉਣ ਬਾਰੇ ਖਬਰਾਂ ਹਨ। ਪੁਲਿਸ ਵੱਲੋਂ ਥਾਂ-ਥਾਂ ਨਾਕੇਬੰਦੀ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।
ਸ਼ਹਿਰ ਵਿੱਚ ਪੁਲਿਸ ਨੇ ਵੱਖ-ਵੱਖ ਥਾਈਂ ਨਾਕੇ ਲਾਏ ਹੋਏ ਹਨ ਅਤੇ ਕਈ ਇਲਾਕੇ ਸੀਲ ਵੀ ਕੀਤੇ ਗਏ ਹਨ। ਪੁਲਿਸ ਵੱਲੋਂ ਲੋਕਾਂ ਨੂੰ ਸਖਤੀ ਨਾਲ ਹਦਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਲੋਕ ਨਿਯਮਾਂ ਨੂੰ ਛਿੱਕੇ ਟੰਗ ਕੇ ਬਾਹਰ ਘੁੰਮ ਰਹੇ ਹਨ। ਪੁਲਿਸ ਲੋਕਾਂ ਨੂੰ ਸਮਝਾਉਣ ਵਿੱਚ ਲੱਗੀ ਹੋਈ ਹੈ।
ਪੁਲਿਸ ਨੇ ਇਸ ਦੌਰਾਨ ਸ਼ਹਿਰ ਵਿੱਚ ਕਈ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਹਨ। ਮੌਕੇ 'ਤੇ ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਦੇ ਚਲਦੇ ਲੱਗੇ ਲੌਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।