ਅੰਮ੍ਰਿਤਸਰ: ਸੂਬੇ ਦੇ ਕਈ ਜ਼ਿਲ੍ਹਿਆ ਵਿੱਚ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸਾਬਕਾ ਮੰਤਰੀ ਤੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੀਆਰਟੀਸੀ ਅਤੇ ਪਨਬੱਸ ਦੇ ਨੌਕਰੀ ਤੋਂ ਫਾਰਗ ਕੀਤੇ 302 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰੇ, ਜਿਨ੍ਹਾਂ ਨੂੰ ਧੱਕੇ ਨਾਲ ਨੌਕਰੀ ਤੋਂ ਫਾਰਗ ਵੀ ਕੀਤਾ ਗਿਆ ਹੈ ਤੇ ਬਲੈਕਲਿਸਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਗਏ ਹਨ।
"ਭ੍ਰਿਸ਼ਟਾਚਾਰ ਦੀ ਬਦਬੂ ਆ ਰਹੀ" :ਇੱਥੇ ਪਨਬੱਸ ਤੇ ਪੀਆਰਟੀਸੀ ਦੇ ਠੇਕਾ ਵਰਕਰ ਯੂਨੀਅਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਟਰਾਂਸਪੋਰਟ ਮੁਲਾਜ਼ਮਾਂ ਦੇ ਰੋਸ ਧਰਨੇ ਨੂੰ ਸੰਬੋਧਨ ਵੀ ਕੀਤਾ ਸੀ ਤੇ ਭਰੋਸਾ ਦੁਆਇਆ ਸੀ ਕਿ ਆਪ ਸਰਕਾਰ ਉਨ੍ਹਾਂ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਬਹਾਲ ਕਰੇਗੀ, ਜਿਨ੍ਹਾਂ ਨੂੰ ਜਬਰੀ ਨੌਕਰੀ ਤੋਂ ਫਾਰਗ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਹੁਣ ਟਰਾਂਸਪੋਰਟ ਵਿਭਾਗ ਨੇ ਸਿੱਖਲਾਈ ਪ੍ਰਾਪਤ ਉਨ੍ਹਾਂ ਮੁਲਾਜ਼ਮਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ, ਜੋ ਪਿਛਲੇ 10 ਤੋਂ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਇਕ ਸਕਿਓਰਿਟੀ ਏਜੰਸੀ ਰਾਹੀਂ ਨਵੇਂ ਗੈਰ ਸਿੱਖਲਾਈ ਪ੍ਰਾਪਤ ਮੁਲਾਜ਼ਮ ਰੱਖੇ ਜਾ ਰਹੇ ਹਨ, ਜਿਸ ਤੋਂ ਭ੍ਰਿਸ਼ਟਾਚਾਰ ਦੀ ਬਦਬੂ ਆ ਰਹੀ ਹੈ।
ਸਰਕਾਰ ਦਾ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਇਰਾਦਾ ਨਹੀਂ: ਮਜੀਠੀਆ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਿਧਾਨ ਸਭਾ ਵਿੱਚ ਐਲਾਨ ਕੀਤਾ ਸੀ ਕਿ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਪਰ ਉਨ੍ਹਾਂ ਦੀ ਸਰਕਾਰ ਠੇਕੇ ’ਤੇ ਕੰਮ ਕਰਦੇ ਡਰਾਈਵਰਾਂ ਤੇ ਕੰਡਕਟਰਾਂ, ਜਿਨ੍ਹਾਂ ਦੀਆਂ ਤਨਖਾਹਾਂ 17 ਹਜ਼ਾਰ ਰੁਪਏ ਅਤੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਹਨ, ਉਨ੍ਹਾਂ ਨੂੰ ਕੱਢ ਕੇ ਉਨ੍ਹਾਂ ਦੀ ਥਾਂ 9 ਹਜ਼ਾਰ ਰੁਪਏ ਪ੍ਰਤੀ ਮਹੀਨਾ ’ਤੇ ਨਵੀਂ ਭਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਰਕਾਰ ਦਾ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਇਸ ਨੇ ਤਾਂ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਯੋਜਨਾ ਉਲੀਕ ਲਈ ਹੈ।