ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਦਲ ਦਾ 99ਵਾਂ ਸਥਾਪਨਾ ਦਿਵਸ ਲਈ ਸਮਾਗਮ ਖਾਲਸਾ ਦੀਵਾਨ ਦੇ ਪ੍ਰਬੰਧਾਂ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਟਕਸਾਲੀ ਦੇ ਮੁਖ ਰਣਜੀਤ ਸਿੰਘ ਬ੍ਰਹਮਾਪੁਰਾ, ਸੁਖਦੇਵ ਸਿੰਘ ਢੀਂਡਸਾ, ਸੇਵਾ ਸਿੰਘ ਸੇਖਵਾਂ, ਮਨਜੀਤ ਸਿੰਘ ਜੀਕੇ, ਬਲਵੰਤ ਸਿੰਘ ਰਾਮੂਵਾਲੀਆ ਤੇ ਬੈਂਸ ਭਰਾ ਸ਼ਾਮਲ ਹੋਏ।
ਇਸ ਮੌਕੇ ਜਾਗੋ ਪਾਰਟੀ ਦਿੱਲੀ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਬਾਦਲ ਪਰਿਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੋਂ ਖਹਿੜਾ ਛੁਡਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਇਹ ਸ਼ੁਰੂਆਤ ਹੈ, ਹੋਰ ਬਹੁਤ ਕੁਝ ਹੋਣ ਵਾਲਾ ਹੈ।
ਜੀਕੇ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਵਿਚ ਬਾਦਲ ਜਾਂ ਟਕਸਾਲ ਦਾ ਕੋਈ ਸਵਾਲ ਨਹੀਂ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਸਿਧਾਂਤਾਂ ‘ਤੇ ਚੱਲ ਰਹੇ ਹਨ ਅਤੇ ਭਵਿੱਖ ਵਿਚ ਇਹ ਕੰਮ ਬਹੁਤ ਵੱਡਾ ਹੋਣ ਵਾਲਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਇਹ ਸਥਾਪਨਾ ਦਿਵਸ ਮੌਕੇ ਅਕਾਲੀ ਦਲ ਦੀ ਨਵੀਂ ਲੀਡਰਸ਼ਿਪ ਨਿਕਲ ਕੇ ਅੱਗੇ ਆਵੇਗੀ।