ਅੰਮ੍ਰਿਤਸਰ: ਪੰਜਾਬ ਪੁਲਿਸ ਵਲੋਂ ਨਸ਼ੇ ਨੂੰ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵਾਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਵਲਿੋਂ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ (Amritsar police arrested a smuggler) ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਪੁਲਿਸ ਨੂੰ ਨਸ਼ਾ ਤਸਕਰ ਸਬੰਧੀ ਗੁਪਤਾ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਵਾਲੇ ਪਾਸੇ ਤੋਂ ਅੰਮ੍ਰਿਤਸਰ ਵਾਲੇ ਪਾਸੇ ਨਸ਼ੇ ਦੀ ਖੇਪ ਸਪਲਾਈ ਕਰਨ ਲਈ ਆ ਰਿਹਾ ਹੈ।
ਗੁਪਤਾ ਸੂਚਨਾ 'ਤੇ ਨਸ਼ਾ ਤਸਕਰ ਕਾਬੂ:ਇਸ ਦੇ ਚੱਲਦੇ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਕਿ ਸਰਹੱਦੀ ਖੇਤਰ 'ਚ ਤਸਕਰ ਦੁਆਰਾ ਹੈਰੋਇਨ ਦੀ ਡਿਲਵਰੀ ਕਿਸੇ ਨੂੰ ਦਿੱਤੀ ਜਾਣੀ ਸੀ, ਪਰ ਪੁਲਿਸ ਵਲੋਂ ਇਸ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ। ਜਿਸ 'ਚ ਫਿਲਹਾਲ ਮੁਲਜ਼ਮ ਤੋਂ ਪੁਲਿਸ ਪੁੱਛਗਿਛ ਕਰ ਰਹੀ ਹੈ ਤਾਂ ਜੋ ਖੁਲਾਸਾ ਹੋ ਸਕੇ ਕਿ ਮੁਲਜ਼ਮ ਨੇ ਇਹ ਨਸ਼ੇ ਦੀ ਸਪਲਾਈ ਕਿਥੇ ਕਰਨੀ ਸੀ।
ਡੀਜੀਪੀ ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ: ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ 'ਚ ਉਨ੍ਹਾਂ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੇ ਆਪਰੇਸ਼ਨ ਵਿੱਚ ਅੰਮ੍ਰਿਤਸਰ ਪੁਲਿਸ ਨੇ ਹਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕਰਕੇ 15 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਦੱਸਿਆ ਕਿ ਥਾਣਾ ਕੱਥੂਨੰਗਲ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਦੌਰਾਨ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰ ਰਹੀ ਪੁਲਿਸ:ਦੱਸ ਦਈਏ ਕਿ ਪੰਜਾਬ ਪੁਲਿਸ ਵਲੋਂ ਸੂਬੇ 'ਚ ਨਸ਼ੇ ਨੂੰ ਲੈਕੇ ਸਖ਼ਤੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਨਿਲਾਮ ਕੀਤਾ ਜਾ ਰਿਹਾ ਹੈ ਤੇ ਉਸ ਦਾ ਪੈਸਾ ਸਰਕਾਰੀ ਖ਼ਜਾਨੇ 'ਚ ਜਮ੍ਹਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜਾਗਰੂਕਤਾ ਰੈਲੀਆਂ ਵੀ ਪੁਲਿਸ ਵਲੋਂ ਕੱਢੀਆਂ ਜਾ ਰਹੀਆਂ ਹਨ ਤੇ ਨਾਲ ਹੀ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਵੀ ਕਰਵਾਇਆ ਜਾ ਰਿਹਾ ਹੈ।