ਅੰਮ੍ਰਿਤਸਰ: ਦਿੱਲੀ ਜੰਤਰ-ਮੰਤਰ ਵਿਖੇ ਪਹਿਲਵਾਨਾਂ ਵੱਲੋਂ ਲੰਮੇਂ ਸਮੇਂ ਤੋਂ ਧਰਨਾ ਲਗਾਇਆ ਗਿਆ ਹੈ, ਪਰ ਸਰਕਾਰ ਵੱਲੋਂ ਪਹਿਲਵਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤਾ ਜਾ ਰਿਹਾ। ਜਿਸੇ ਮੋਰਚੇ ਨੂੰ ਸਮਰਥਨ ਦੇਣ ਲਈ ਅੱਜ ਸ਼ਨੀਵਾਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਬੀਬੀਆਂ ਦਾ ਇਕ ਵਿਸ਼ਾਲ ਜੱਥਾ ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ਤੇ ਬਿਆਸ ਪੁਲ ਤੋਂ ਰਵਾਨਾ ਹੋਇਆ।
ਮੰਤਰੀ ਬ੍ਰਿਜ ਭੂਸ਼ਣ ਸ਼ਰਨ ਦੀ ਗ੍ਰਿਫਤਾਰੀ ਦੀ ਮੰਗ:-ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਵਿਸ਼ਵ ਪੱਧਰੀ ਖੇਡਾਂ ਵਿੱਚ ਦੇਸ਼ ਲਈ ਸੋਨ ਚਾਂਦੀ ਕਾਂਸ ਤਮਗੇ ਜਿੱਤ ਕੇ ਲਿਆਉਣ ਵਾਲੀਆਂ ਖਿਡਾਰਨਾਂ ਨੂੰ ਉਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਨ-ਸਨਮਾਨ ਦੇਣ ਦੇ ਨਾਲ-ਨਾਲ ਖੇਡਾਂ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਗਿਆ ਸੀ। ਉੱਥੇ ਹੀ ਹੁਣ ਖਿਡਾਰਨ ਵਲੋਂ ਕਥਿਤ ਛੇੜਛਾੜ ਦੇ ਆਰੋਪ ਲੱਗਣ ਤੋਂ ਬਾਅਦ ਮਾਮਲਾ ਦਰਜ ਕੀਤੇ ਜਾਣ ਉੱਤੇ ਵੀ ਕੇਂਦਰੀ ਮੰਤਰੀ ਬ੍ਰਿਜ ਭੂਸ਼ਣ ਸ਼ਰਨ ਦੀ ਹਾਲੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ ਹੈ, ਜੋ ਕਿ ਨਿੰਦਣਯੋਗ ਹੈ।
ਕਿਸਾਨਾਂ ਅਤੇ ਬੀਬੀਆਂ ਦਾ ਜੱਥਾ ਦਿੱਲੀ ਲਈ ਰਵਾਨਾ:-ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖਿਡਾਰਨਾਂ ਵੱਲੋਂ ਜੰਤਰ-ਮੰਤਰ ਵਿਖੇ ਲਗਾਏ ਧਰਨੇ ਦਾ ਸਮਰਥਨ ਕਰਨ ਅਤੇ ਕੇਂਦਰੀ ਮੰਤਰੀ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਅੱਜ ਸ਼ਨੀਵਾਰ ਨੂੰ ਕਿਸਾਨਾਂ ਅਤੇ ਬੀਬੀਆਂ ਦਾ ਜਥਾ ਦਿੱਲੀ ਲਈ ਰਵਾਨਾ ਕੀਤਾ ਗਿਆ ਹੈ। ਜੋ ਕਿ ਦੇਸ਼ ਦੀਆਂ ਬੇਟੀਆਂ ਨੂੰ ਇਨਸਾਫ ਦਿਵਾਉਣ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਸਮਰਥਨ ਦੇਵੇਗਾ।