ਅੰਮ੍ਰਿਤਸਰ:ਗੁਰੂ ਨਗਰੀ ਅੰਮ੍ਰਿਤਸਰ ਵਿੱਚ G-20 ਸਮੇਲਨ ਹੋਣ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਅਫਵਾਹਾਂ ਵੀ ਸਾਹਮਣੇ ਆਈਆਂ ਸਨ ਕਿ G-20 ਸਮੇਲਨ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਮਗਰੋਂ ਅੱਜ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਮਾਨ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਵੀ ਕੀਤੀ।
ਐਜੂਕੇਸ਼ਨ ਅਤੇ ਲੇਬਰ ਉੱਤੇ ਸੈਮੀਨਾਰ: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ G-20 ਸਮੇਲਨ ਵਿੱਚ ਵੱਖ ਵੱਖ ਦੇਸ਼ਾਂ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਪਹੁੰਚ ਰਹੇ ਹਨ ਅਤੇ ਅੰਮ੍ਰਿਤਸਰ ਵਿੱਚ ਐਜੂਕੇਸ਼ਨ ਅਤੇ ਲੇਬਰ ਉੱਤੇ ਸੈਮੀਨਾਰ ਕੀਤਾ ਜਾਵੇਗਾ। ਇਸ ਸਬੰਧ ਵਿਚ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇਸ ਕਾਬਲ ਹੈ ਕਿ ਇੱਥੇ ਅਜਿਹੇ ਸੰਮੇਲਨ ਲਗਾਤਾਰ ਕੀਤੇ ਜਾ ਸਕਦੇ ਹਨ ਅਤੇ ਸਰਕਾਰੀ ਅਧਿਕਾਰੀ ਦਿਨ ਰਾਤ G-20 ਸਮੇਲਨ ਦੀਆਂ ਤਿਆਰੀਆਂ ਵਿੱਚ ਲੱਗੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜੋ ਲੋਕ ਅਫਵਾਹਾਂ ਫੈਲਾ ਰਹੇ ਹਨ ਕਿ G-20 ਸਮੇਲਨ ਨਹੀਂ ਹੋਵੇਗਾ ਅਜਿਹੀਆਂ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਉੱਤੇ ਤੰਜ ਕੱਸਦੇ ਹੋਏ ਕਿਹਾ ਗਿਆ ਕਿ ਕੁਝ ਲੋਕ ਅਫਵਾਹਾਂ ਦੇ ਅਧਾਰ ਉੱਤੇ ਹੀ ਪ੍ਰੈਸ ਕਾਨਫਰੰਸ ਕਰ ਰਹੇ ਹਨ ਅਤੇ ਉਹ ਹਰ ਵੇਲੇ ਭਗਵੰਤ ਸਿੰਘ ਮਾਨ ਨੂੰ ਬੁਰਾ ਭਲਾ ਕਹਿਣ ਦਾ ਮੌਕਾ ਲੱਭਦੇ ਹਨ ਲੇਕਿਨ ਅੰਮ੍ਰਿਤਸਰ ਵਿਖੇ G-20 ਸਮੇਲਨ ਜ਼ਰੂਰ ਹੋਵੇਗਾ।