ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਅਫਗਾਨਿਸਤਾਨ ਵਿਖੇ ਵਸਦੇ ਘੱਟਗਿਣਤੀ ਸਿੱਖ ਭਾਈਚਾਰੇ ’ਤੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕੀਤੀ। ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਅਫਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਇਸ ਸਬੰਧ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ। ਅਜਿਹੇ ਹਮਲੇ ਕਰਕੇ ਕੁਝ ਤਾਕਤਾਂ ਸਿੱਖਾਂ ਨੂੰ ਡਰਾਉਣ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਫ਼ਗਾਨਿਸਤਾਨ ’ਚ ਸਿੱਖ ਆਗੂਆਂ ਦੇ ਸਮੂਹ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਕਾਬਲ ਦੇ ਗੁਰਦੁਆਰਾ ਸਾਹਿਬ ’ਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਵਿਚ ਕਈ ਸਿੱਖਾਂ ਨੇ ਜਾਨ ਗਵਾਈ ਸੀ।