ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ, ਫਿਲਮਾਂ ਰਾਹੀਂ ਨਹੀਂ ਪੇਸ਼ ਹੋਵੇਗਾ ਕਿਸੇ ਵੀ ਗੁਰੂ ਸਾਹਿਬ ਦਾ ਕਿਰਦਾਰ ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ (Ban on portraying Gurus through films) ਫਿਲਮਾਉਣ ’ਤੇ ਰੋਕ ਲਗਾਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਕੋਲ ਸਮੇਂ-ਸਮੇਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਆਏ ਹਨ , ਜਿਸ ਕਰਕੇ ਅਗਲੇ ਫੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਫਿਲਮਾਂ ’ਤੇ ਪਾਬੰਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ।
200 ਸਾਲਾ ਸ਼ਹੀਦੀ ਸ਼ਤਾਬਦੀ: ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ। ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (Shiromani Panth Akali Buddha Dal) ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ ਮਸ਼ਵਰੇ ਮਗਰੋਂ ਸਾਂਝੀ ਕਮੇਟੀ ਗਠਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ।
ਇਹ ਵੀ ਪੜ੍ਹੋ:ਨੌਜਵਾਨ ਨੇ ਵਧਾਇਆ ਪੰਜਾਬੀਆਂ ਦਾ ਮਾਣ, ਗੁਰਸ਼ਕਤੀ ਸਿੰਘ ਭਾਰਤੀ ਫੌਜ ਵਿੱਚ ਬਣੇ ਲੈਫਟੀਨੈਂਟ
ਵਿਸ਼ੇਸ਼ ਵੈਨ ਤਿਆਰ: ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ (religious propaganda movement will be intensified) ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ। ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ। ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।