ਅੰਮ੍ਰਿਤਸਰ :ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਥੇਦਾਰ ਨੇ ਇਕ ਸੰਦੇਸ਼ ਜਾਰੀ ਕਰਦਿਆਂ ਇਹ ਵੀ ਕਿਹਾ ਹੈ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ। ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਾਜਾਇਜ਼ ਹਿਰਾਸਤਾਂ ਦਾ ਅਮਲ ਨਾ ਅਪਣਾਵੇ।ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇ ਭਵਿੱਖ ਵੱਲ ਤੁਰਨ ਦੀ ਜ਼ਰੂਰਤ ਹੈ। ਜਥੇਦਾਰ ਨੇ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ਵਿਚ ਲੰਘੀਆਂ ਹਕੂਮਤਾਂ ਦੇ ਜਬਰ ਦੇ ਹਾਲੇ ਵੀ ਡੂੰਘੇ ਜ਼ਖ਼ਮ ਹਨ।
ਨੌਜਵਾਨਾਂ ਨੂੰ ਕਿਸੇ ਬਹਿਕਾਵੇ ਵਿੱਚ ਨਾ ਆਉਣ ਦੀ ਅਪੀਲ :ਜਥੇਦਾਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਸਿੱਖ ਨੌਜਵਾਨ ਦੀ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖਿਲਾਫ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕਾ ਵੇਖ ਰਹੀਆਂ ਹਨ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਣਾਉਣ ਦੀ ਥਾਂ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਵਾਲੇ ਰਾਹ ‘ਤੇ ਤੁਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਥਾਪਤੀਆਂ ਦੀ ਵਿਉਂਤਬੰਦੀ ਬੜੀ ਜ਼ਹੀਨ ਹੁੰਦੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਕਿਸੇ ਵੀ ਅਜਿਹੇ ਬਹਿਕਾਵੇ ਵਿਚ ਆਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਨੂੰ ਸਿੱਖ ਨੌਜਵਾਨੀ ਦਾ ਦਮਨ ਕਰਨ ਦਾ ਮੌਕਾ ਮਿਲਦਾ ਹੋਵੇ।