ਅੰਮ੍ਰਿਤਸਰ: ਬਰਗਾੜੀ ਵਿਖੇ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਹੁਣ ਇਸ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਸਤੇ ਰਾਜਨੀਤੀ ਇੱਕ ਵਾਰ ਫਿਰ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਜਿੱਥੇ ਕਾਂਗਰਸ ਦਾ ਕਹਿਣਾ ਸੀ ਕਿ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਵਾਉਣਗੇ ਪਰ ਸਾਢੇ 4 ਸਾਲ ਦੇ ਕਾਂਗਰਸ ਦੇ ਕਾਰਜਕਾਲ ਦੌਰਾਨ ਵੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਵਾ ਸਕੇ। ਹੁਣ ਭਾਜਪਾ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਸਾਡੀ ਸਰਕਾਰ ਪੰਜਾਬ ਵਿੱਚ ਬਣ ਜਾਵੇਗੀ ਤਾਂ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਜ਼ਰੂਰ ਸਜ਼ਾਵਾਂ ਦਿਵਾਉਣਗੇ।
ਇਸ ਬਾਰੇ ਗੱਲਬਾਤ ਕਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਅਦਬੀ ਦੇ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ ਉਨ੍ਹਾਂ ਨੇ ਕਿਹਾ ਕਿ 1984 ਦੇ ਵਿੱਚ ਜਿਸ ਤਰ੍ਹਾਂ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਸਾੜਿਆ ਗਿਆ ਸੀ ਅਤੇ 1984 ਦੇ ਦੋਸ਼ੀਆਂ ਨੂੰ ਵੀ 36-37 ਸਾਲ ਬਾਅਦ ਭਾਜਪਾ ਦੀ ਸਰਕਾਰ ਬਣਨ ਤੇ ਹੀ ਉਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਪਾਈਆਂ।