ਅੰਮ੍ਰਿਤਸਰ:ਭਾਰਤੀ ਜਨਤਾ ਪਾਰਟੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ 11 ਮਹੀਨਿਆਂ ਵਿੱਚ ਦੂਜੇ ਸੂਬਿਆਂ ਨਾਲੋਂ ਵੀ ਮਾੜੇ ਹਾਲਾਤ ਚੱਲ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ, ਅਪਰਾਧੀ, ਵੱਖਵਾਦੀ ਆਗੂ ਅਤੇ ਉਨ੍ਹਾਂ ਦੇ ਸਮਰਥਕ ਸਰਕਾਰ ਨੂੰ ਲਗਾਤਾਰ ਚੁਣੌਤੀ ਦੇ ਰਹੇ ਹਨ।
ਅੰਮ੍ਰਿਤਪਾਲ ਸਿੰਘ ਉੱਤੇ ਨਹੀਂ ਕੀਤੀ ਕਾਰਵਾਈ : ਭਾਜਪਾ ਦੇ ਕੌਮੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਸੂਬੇ ਵਿੱਚ ਗੈਰ ਸਮਾਜੀ ਲੋਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਅਜਨਾਲਾ ਥਾਣੇ 'ਤੇ ਕਬਜ਼ਾ ਕੀਤਾ ਸੀ ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਾਰਿਆਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਮੁਖੀ ਨੇ ਖੁਦ ਦੱਸਿਆ ਕਿ ਅੰਮ੍ਰਿਤਪਾਲ ਅਤੇ ਹੋਰ ਸਾਥੀਆਂ ਨੇ ਥਾਣੇ 'ਤੇ ਕਬਜ਼ਾ ਕੀਤਾ ਸੀ ਅਤੇ ਪੁਲਿਸ ਨਾਲ ਵੀ ਕੁੱਟਮਾਰ ਕੀਤੀ ਪਰ ਇਸਦੇ ਮੁਲਜਮਾ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਕਾਨੂੰਨ ਦੀਆਂ ਧੱਜੀਆਂ ਉਡਾਈਆ ਜਾ ਰਹੀਆਂ ਹਨ।