ਅੰਮ੍ਰਿਤਸਰ:ਜ਼ਿਲ੍ਹੇ ਵਿੱਚ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਵਾਪਰੀ ਅੱਗ ਲੱਗਣ ਦੀ ਘਟਨਾ ਨੂੰ ਲੈਕੇ ਪੰਜਾਬ ਦੇ ਬਿਜਲੀ ਮੰਤਰੀ ਮੁੜ ਹਸਪਤਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਘਟਨਾ ਨੂੰ ਲੈਕੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਇਸ ਵਾਪਰੀ ਘਟਨਾ ਨੂੰ ਲੈਕੇ ਮੀਡੀਆ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਖਾਸ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਹੜੀ ਇਹ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਹਸਪਤਾਲ ’ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ ਇਸ ਵਿੱਚ ਨੁਕਸਾਨ ਜ਼ਰੂਰ ਹੋਇਆ ਹੈ ਪਰ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਵਾਪਰਨ ਨੂੰ ਲੈਕੇ ਪਿਛਲੀਆਂ ਸਰਕਾਰਾਂ 'ਤੇ ਸਵਾਲ: ਇਸਦੇ ਨਾਲ ਹੀ ਉਨ੍ਹਾਂ ਘਟਨਾ ਵਾਪਰਨ ਦੇ ਕਾਰਨ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਟਰਾਂਸਫਾਰਮਰ ਗੁਰੂ ਨਾਨਕ ਦੇਵ ਹਸਪਤਾਲ ਵਿਚ ਲੱਗੇ ਸਨ ਇਹ 1976 ਵਿੱਚ ਬਣੇ ਹੋਏ ਸਨ ਜੋ ਕਿ ਬਹੁਤ ਹੀ ਪੁਰਾਣੇ ਸਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਸੀ ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਦੇ ਚੱਲਦੇ ਇਹ ਹਾਦਸਾ ਵਾਪਰਿਆ। ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੁਕਸਾਨੇ ਗਏ ਟਰਾਂਸਫਾਰਮਾਂ ਨੂੰ ਲੈਕੇ ਦੋ ਨਵੇਂ ਟਰਾਂਸਫਾਰਮ ਰਾਤੋ-ਰਾਤ ਭੇਜੇ ਹਨ ਜੋ ਕਿ ਕਰੋੜਾਂ ਦੇ ਹਨ। ਉਨ੍ਹਾਂ ਕਿਹਾ ਕਿ ਇਹ ਨਵੇਂ ਟਰਾਂਸਫਾਰਮਰ ਨਵੀਂ ਤਕਨੀਕ ਦੇ ਬਣੇ ਹਨ ਅਤੇ ਇਹ ਬਿਨ੍ਹਾਂ ਤੇਲ ਤੋਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦ ਹੀ ਚਾਲੂ ਕਰ ਦਿੱਤੇ ਜਾਣਗੇ।