ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦਾ ਵਫ਼ਦ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਨ ਸ੍ਰੀ ਦਰਬਾਰ ਸਾਹਿਬ ਪੁੱਜੇ।
ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਗੱਲਬਾਤ ਹੋਈ। ਇਸ ਵਫ਼ਦ ਵਿੱਚ ਚਰਨਜੀਤ ਸਿੰਘ ਚੰਨੀ, ਓ ਪੀ ਸੋਨੀ ਅਤੇ ਸੁਖਜਿੰਦਰ ਰੰਧਾਵਾ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਸਾਂਝੇ ਤੌਰ 'ਤੇ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਅੱਜ ਜਿਹੜੀ ਮੀਟਿੰਗ ਹੋਈ ਹੈ ਉਸ ਵਿੱਚ ਇਹ ਫ਼ੈਸਲੇ ਲਏ ਗਏ ਹਨ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਮਿਲ ਕੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਮਨਾਉਣਗੇ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਇੱਕ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕਰਵਾਈ ਜਾਵੇਗੀ ਅਤੇ ਜੋ ਵੀ ਫੈਸਲਾ ਦਿੱਤਾ ਜਾਏਗਾ ਉਸ ਨੂੰ ਅਮਲੀ ਜਾਮਾ ਵੀ ਪਹਿਨਾਇਆ ਜਾਵੇਗਾ।