ਅੰਮ੍ਰਿਤਸਰ: ਜ਼ਹਿਰੀਲੀ ਸ਼ਰਾਬ ਨਾਲ ਪਿੱਛਲੇ ਦੋ ਦਿਨਾਂ ਵਿੱਚ ਹੋਈਆਂ 89 ਮੌਤਾਂ ਦੇ ਮਾਮਲੇ 'ਚ ਪੰਜਾਬ ਸਰਕਾਰ ਘਿਰਦੀ ਨਜਰ ਆ ਰਹੀ ਹੈ। ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪੰਜਾਬ ਭਰ ਵਿੱਚ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਇਸੇ ਕੜੀ ਦੇ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ।
"ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਅਸਤੀਫ਼ਾ ਦੇਣ ਕੈਪਟਨ ਅਮਰਿੰਦਰ ਸਿੰਘ" ਇਸ ਮੌਕੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਨੇ ਕਿਹਾ ਕਿ ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਨਜਾਇਜ਼ ਸ਼ਰਾਬ ਦਾ ਸਲਾਨਾ 50 ਹਜ਼ਾਰ ਕਰੋੜ ਦਾ ਮਾਫ਼ੀਆ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਨੱਕ ਥਲੇ ਪਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਦੇ ਲੋਕ ਮਰੇ ਹਨ ਉੱਥੋਂ ਦੇ ਲੋਕ ਕਹਿ ਰਹੇ ਹਨ ਕਿ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਦੇ ਘਰ ਪੁਲਿਸ ਦਾ ਉੱਠਣਾ ਬੈਠਣਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਰਕਾਰੀ ਅਧਿਕਾਰੀਆਂ ਨੂੰ ਮੁਅੱਤਲ ਕਰ ਕੇ ਸਰਕਾਰ ਆਪਣਾ ਪੱਲਾ ਝਾੜ ਰਹੀ ਹੈ।
ਤਲਵਾਰ ਨੇ ਕਿਹਾ ਕਿ ਇਸ ਘਟਨਾ ਨੂੰ 48 ਘੰਟੇ ਹੋ ਗਏ ਹਨ ਪਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਦਾ ਸਮਾਂ ਨਹੀਂ ਮਿਲਿਆ। ਤਲਵਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਨਜਾਇਜ਼ ਸ਼ਰਾਬ ਮਾਫ਼ੀਆ 'ਤੇ ਠਲ ਪਾਉਣ ਲਈ ਮੰਗ ਕੀਤੀ ਹੈ ਅਤੇ ਮਰਨ ਵਾਲੇ ਲੋਕਾਂ ਦੇ ਘਰਦਿਆਂ ਨੂੰ ਮੁਆਵਜ਼ਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ ਅਤੇ ਇੰਨੀਆਂ ਮੌਤਾਂ ਹੋਣ ਦੇ ਬਾਵਜੂਦ ਮੁੱਖ ਮੰਤਰੀ ਨੇ ਇਹ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਕਿ ਹਾਦਸਾ ਕਿਵੇਂ ਹੋਇਆ। ਇਸੇ ਖੇਤਰ ਵਿੱਚ ਕੁੱਝ ਦਿਨ ਪਹਿਲਾਂ ਆਬਕਾਰੀ ਵਿਭਾਗ ਨੇ ਸ਼ਰਾਬ ਵੇਚਣ ਵਾਲਿਆਂ ਦੇ ਘਰ ਛਾਪਾ ਮਾਰਿਆ ਸੀ, ਪਰ ਵਿਧਾਇਕ ਨੇ ਐਕਸਾਈਜ਼ ਲੋਕਾਂ ‘ਤੇ ਕੇਸ ਦਰਜ ਕਰ ਲਿਆ ਅਤੇ ਪੰਜਾਬ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਪੈਸੇ ਖਾ ਰਹੀ ਹੈ, ਇਸੇ ਕਰਕੇ ਕਿਸੇ ਉੱਤੇ ਵੀ ਮੁਕੱਦਮਾ ਨਹੀਂ ਚੱਲ ਰਿਹਾ, ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਪੰਜਾਬ ਸਰਕਾਰ ਦੋਸ਼ੀ ਹੈ ਅਤੇ ਪੰਜਾਬ ਸਰਕਾਰ ਨੂੰ ਅਸਤੀਫਾ ਦੇਣਾ ਚਾਹੀਦਾ ਹੈ।