ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਕਾਨੂੰਨਾਂ ਕਰ ਕੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨ, ਬਜ਼ੁਰਗ ਬੀਬੀਆਂ, ਬੱਚੇ ਠੰਢੀਆਂ ਹਵਾਵਾਂ ਵਿੱਚ ਸਮਾਂ ਕੱਟ ਰਹੇ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਪਹਿਲਾਂ ਵੀ ਤਸ਼ੱਦਦ ਝੱਲਦੀ ਆਈ ਹੈ ਅਤੇ ਹੁਣ ਫਿਰ ਇਨ੍ਹਾਂ ਕਾਲੇ ਕਾਨੂੰਨਾਂ ਕਰ ਕੇ ਮੋਰਚਾ ਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਖੇਤ ਨਾ ਖ਼ੁਸ ਜਾਣ ਕਿਉਂਕਿ ਇਹ ਜ਼ਮੀਨਾਂ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨ ਛੋਟੀ-ਛੋਟੀ ਖੇਤੀ ਕਰ ਕੇ ਦੇਸ਼ ਦਾ ਢਿੱਡ ਭਰਦੇ ਹਨ ਅਤੇ ਖ਼ੁਦ ਸਬਰ-ਸੰਤੋਖ ਨਾਲ ਜ਼ਿੰਦਗੀ ਬਤੀਤ ਕਰਦੇ ਹਨ।