ਚੰਡੀਗੜ੍ਹ: ਪੰਜਾਬ ਦੀ ਕੈਪਟਨ ਸਰਕਾਰ ਨੇ ਸੂਬੇ 'ਚ ਨਸ਼ੇ ਨੂੰ ਖ਼ਤਮ ਕਰਨ ਲਈ ਕਈ ਉਪਰਾਲੇ ਕੀਤੇ ਹਨ। ਇੰਨਾ ਹੀ ਨਹੀਂ, ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਨਸ਼ਾ ਤਸਕਰਾਂ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਕਾਰਵਾਈ ਵੀ ਕੀਤੀ ਗਈ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਮੁਤਾਬਕ ਸਰਕਾਰ ਵੱਲੋਂ 17 ਮਹੀਨਿਆਂ 'ਚ ਨਸ਼ੇ ਦੇ ਖ਼ਾਤਮੇ ਸਬੰਧੀ 13,500 ਛਾਪੇ ਮਾਰਨ ਦਾ ਦਾਅਵਾ ਕੀਤਾ ਗਿਆ ਹੈ।
ਕੈਪਟਨ ਦਾ ਦਾਅਵਾ- ਨਸ਼ਿਆਂ 'ਤੇ ਕੀਤੀ ਵੱਡੀ ਕਾਰਵਾਈ - drugs
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਨਸ਼ਿਆਂ ਨੂੰ ਰੋਕਣ ਲਈ ਵੱਡੀ ਕਾਰਵਾਈ ਦਾ ਦਾਅਵਾ ਕੀਤਾ ਹੈ। ਇਸ ਗੱਲ ਦਾ ਜ਼ਿਕਰ ਉਨ੍ਹਾਂ ਫ਼ੇਸਬੁੱਕ 'ਤੇ ਪੋਸਟ ਸਾਂਝਾ ਕਰਕੇ ਕੀਤਾ।
ਕੈਪਟਨ ਨੇ ਆਪਣੇ ਫ਼ੇਸਬੁੱਕ ਪੇਜ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਨ੍ਹਾਂ 17 ਮਹੀਨਿਆਂ ਵਿੱਚ ਨਸ਼ਾ ਪ੍ਰਬੰਧਨ ਵਿੰਗ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ 13500 ਛਾਪੇ ਮਾਰੇ ਗਏ ਤੇ ਕਰੀਬ 4.5 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ। ਇਸ ਦੌਰਾਨ ਕਈ ਮੈਡੀਕਲ ਦੁਕਾਨਾਂ ਦੇ ਲਾਇਸੈਂਸ ਵੀ ਰੱਦ ਕੀਤੇ ਗਏ। ਤੁਹਾਡੇ ਨਾਲ ਜੋ ਮੈਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਉਸ ‘ਤੇ ਪੂਰੀ ਤਰ੍ਹਾਂ ਵਫ਼ਾਦਾਰੀ ਕਰਦੇ ਹੋਏ ਸਾਡੇ ਵੱਲੋਂ ਨਸ਼ੇ ਉੱਤੇ ਸਖ਼ਤਾਈ ਨਾਲ ਕੰਮ ਕੀਤਾ ਜਾ ਰਿਹਾ ਹੈ।"
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁਲਾਕਾਤ ਕੀਤੀ ਗਈ ਸੀ। ਜਿਸ ਵਿੱਚ ਨਸ਼ਿਆਂ ਦੇ ਮੂੜੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਗਿਆ ਸੀ।