ਪੰਜਾਬ ਵਿੱਚ ਸਕੂਲ ਆਫ ਐਮੀਨੈਂਸ ਦੀ ਅੱਜ ਹੋਵੇਗੀ ਸ਼ੁਰੂਆਤ ਅੰਮ੍ਰਿਤਸਰ (First School of Eminence In Punjab) : ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਣ ਤੋਂ ਪਹਿਲਾ ਲੋਕਾਂ ਨਾਲ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਗਈਆਂ ਸਨ। ਇਸੇ ਤਹਿਤ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦੀ ਅੰਮ੍ਰਿਤਸਰ ਵਿੱਚ ਸ਼ੁਰੂਆਤ ਕਰਨਗੇ। ਇਸ ਤਹਿਤ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮਿਲਣਗੀਆਂ, ਬੱਚਿਆਂ ਲਈ ਸਰਕਾਰੀ ਬੱਸਾਂ ਦਾ ਪ੍ਰਬੰਧ ਹੋਵੇਗਾ, ਸਮਾਰਟ ਕਲਾਸਾਂ ਹੋਣਗੀਆਂ। ਇਸ ਤੋਂ ਇਲਾਵਾ ਕਲਾਸਾਂ ਅਤੇ ਸਕੂਲ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ।
ਸਿੱਖਿਆ ਮੰਤਰੀ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ:ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਛੇਹਰਟਾ ਦੇ ਸਰਕਾਰੀ ਸਕੂਲ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾਵੇਗਾ। ਬੀਤੇ ਦਿਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੰਮ੍ਰਿਤਸਰ ਵਿੱਚ ਸਾਰੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
117 ਹਲਕਿਆਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਦੇਣਗੇ ਮਾਤ:ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਸਕੀਮ ਦੇ ਲਾਂਚ ਹੋਣ ਨਾਲ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਬੱਚਿਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਹਲਕੇ ਵਿੱਚ 117 ਸਕੂਲ ਬਣਾਏ ਜਾਣਗੇ, ਜੋ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣਗੇ। ਉਹਨਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚੇ ਜਿਹੜੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ, ਉਹ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਤੋਂ ਘੱਟ ਨਹੀਂ ਹੋਣਗੇ।
'ਸਕੂਲ ਆਫ ਐਮੀਨੈਂਸ' ਤਹਿਤ ਮਿਲਣਗੀਆਂ ਵਧੀਆਂ ਸੇਵਾਵਾਂ : ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਬਹੁਤ ਮਾਣ ਹੈ। ਉਹਨਾਂ ਕਿਹਾ ਅਸੀਂ ਉਹਨਾਂ ਦੇ ਬਹੁਤ ਧੰਨਵਾਦੀ ਹਾਂ, ਜੋ ਸਰਕਾਰੀ ਸਕੂਲਾਂ ਵਿੱਚ ਉੱਚ-ਸਿੱਖਿਆ ਨੂੰ ਉਪਰ ਚੁੱਕਣ ਦੇ ਲਈ ਬੜੇ ਵਧੀਆ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਮੰਤਰੀਆਂ ਨੇ ਸਕੂਲ ਦੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਨੂੰ ਸਕੂਲਾਂ ਵਿੱਚ ਮਿਲ ਰਹੀਆਂ ਸੁਵਿਧਾਵਾਂ ਤੇ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ।