ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ:ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਦੇਸ਼ ਭਰ 'ਚ ਮਨਾਇਆ ਜਾ ਰਿਹਾ। ਇਸ ਦੌਰਾਨ ਸਿੱਖ ਧਰਮ 'ਚ ਰੱਖੜ ਪੁੰਨਿਆ ਖਾਸ ਦਿਨ ਮਨਾਇਆ ਜਾਂਦਾ ਹੈ। ਜਿਸ ਦੇ ਚੱਲਦੇ ਤਿੰਨ ਦਿਨਾਂ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਇਸ ਰੱਖੜ-ਪੁੰਨਿਆ ਮੇਲੇ ’ਤੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਹ ਆਪਣੇ ਹੈਲੀਕਾਪਟਰ ਰਾਹੀਂ ਰਈਆ ਦੀ ਅਨਾਜ ਮੰਡੀ ਵਿੱਚ ਉਤਰੇ, ਜਿਥੋਂ ਉਹ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋ ਗਏ।
ਰੱਖੜੀ ਮੌਕੇ ਭੈਣਾਂ ਨੂੰ ਤੋਹਫਾ: ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ, ਅੰਮ੍ਰਿਤਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ, ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਆਂਗਨਵਾੜੀ ਵਰਕਰਾਂ ਦੀ ਭਲਾਈ ਲਈ ਚੁੱਕੇ ਜਾਣਗੇ ਹੋਰ ਕਦਮ:ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਨਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਧੀਆਂ ਅਸਲ 'ਚ 'ਸ਼ੇਰਨੀਆਂ': ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਧੀਆਂ ਨੂੰ 'ਕੁੜੀਆਂ-ਚਿੜੀਆਂ' ਕਿਹਾ ਜਾਂਦਾ ਸੀ, ਪਰ ਹੁਣ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਲੜਕੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਸਲ 'ਚ 'ਸ਼ੇਰਨੀਆਂ' ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।
ਮਾਂ ਨੂੰ ਮਿਲੇ 40 ਦਿਨ ਹੋਏ:ਮੁੱਖ ਮੰਤਰੀ ਨੇ ਭਾਵੁਕ ਲਹਿਜੇ ਨਾਲ ਕਿਹਾ ਕਿ ਉਨ੍ਹਾਂ ਦੀ ਮਾਂ ਸੰਗਰੂਰ ਵਿੱਚ ਆਪਣੇ ਜੱਦੀ ਪਿੰਡ ਵਿੱਚ ਰਹਿਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਮਾਂ ਨੂੰ ਮਿਲੇ 40 ਦਿਨ ਤੋਂ ਵੱਧ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਦੀ ਤਨਦੇਹੀ ਨਾਲ ਸੇਵਾ ਕਰਨ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗੀ, ਕਿਉਂਕਿ ਪੰਜਾਬ ਦੀਆਂ ਸਾਰੀਆਂ ਬਜ਼ੁਰਗ ਮਾਵਾਂ ਦਾ ਅਸ਼ੀਰਵਾਦ ਉਨ੍ਹਾਂ ਦੇ ਨਾਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਮਾਤਾ ਜੀ ਪਿੰਡਾਂ ਦਾ ਦੌਰਾ ਕਰਨ ਵੇਲੇ ਬਜ਼ੁਰਗਾਂ ਨੂੰ ਮਿਲਦੇ ਅਤੇ ਉਨ੍ਹਾਂ ਦੇ ਪੈਰ ਛੂੰਹਦੇ ਦੇਖਦੇ ਹਨ, ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ ਅਤੇ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰ ਲਈ ਪੂਰੀ ਵਾਹ ਲਾ ਰਿਹਾ ਹੈ।
ਪਿਛਲੀਆਂ ਸਰਕਾਰਾਂ 'ਤੇ ਵਰ੍ਹੇ ਸੀਐਮ ਮਾਨ: ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਬੇਲਗਾਮ ਹੋਣ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਦੇ ਧੀਆਂ-ਪੁੱਤਰਾਂ ਨੂੰ ਅਖ਼ਤਿਆਰ ਦੇ ਕੇ ਸੂਬੇ ਦੀ ਰਾਜਨੀਤੀ ਵਿੱਚ ਇੱਕ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਲਿਆ ਸੀ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ ਅਤੇ ਹੁਣ ਇੱਕ ਲੋਕ-ਪੱਖੀ ਸਰਕਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਮੌਕੇ ਇਕ ਆਂਗਣਵਾੜੀ ਵਰਕਰ ਨੇ ਸਟੇਜ 'ਤੇ ਮੁੱਖ ਮੰਤਰੀ ਨੂੰ ਰੱਖੜੀ ਵੀ ਬੰਨ੍ਹੀ।
ਸੂਬੇ ਦੇ ਲੋਕਾਂ ਨੂੰ ਦਿੱਤੀ ਵਧਾਈ:ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਕੱਲ੍ਹ ਸਾਨੂੰ ਹੀਨ ਭਾਵਨਾ ਨਹੀਂ ਰੱਖਣੀ ਚਾਹੀਦੀ ਕਿਸੇ ਕਿਸੇ ਕੁੜੀ ਦਾ ਕੋਈ ਭਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਕੁੜੀਆਂ ਵੀ ਪੁੱਤਰਾਂ ਦੇ ਬਰਾਬਰ ਹੈ। ਉਹ ਵੀ ਉਡਾਰੀਆਂ ਮਾਰਦੀਆਂ ਹਨ ਅਤੇ ਵੱਡੇ-ਵੱਡੇ ਅਫ਼ਸਰ ਬਣਦੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਟਵੀਟ ਕਰਕੇ ਸੂਬੇ ਦੇ ਲੋਕਾਂ ਨੂੰ ਰੱਖੜੀ ਦੀ ਮੁਬਾਰਕਬਾਦ ਵੀ ਦਿੱਤੀ ਸੀ। (ਪ੍ਰੈਸ ਨੋਟ)