ਅੰਮ੍ਰਿਤਸਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਵੱਲੋਂ ਮੋਦੀ ਸਰਕਾਰ ਨੂੰ ਇਸ ਮੁੱਦੇ 'ਤੇ ਕਰੜੇ ਹੱਥੀ ਲਿਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ 'ਚ ਵੀ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਗਈ।
ਦੱਸ ਦਈਏ ਕਿ ਕਾਂਗਰਸ ਵੱਲੋਂ ਇੱਕ ਵੱਖਰੇ ਹੀ ਢੰਗ ਨਾਲ ਇਹ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਸਕੂਟੀ ਨੂੰ ਰੇੜੇ 'ਤੇ ਚੜਾ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਦੀ ਅਤੇ ਹੋਰ ਭਾਜਪਾ ਆਗੂਆਂ ਦੀਆਂ ਗਧੇ ਨਾਲ ਤਸਵੀਰਾਂ ਲਗਾ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਇਸ ਮੌਕੇ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਲਗਾਤਾਰ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਅਤੇ ਮੋਦੀ ਸਰਕਾਰ ਇਨ੍ਹਾਂ 'ਤੇ ਟੈਕਸ ਲਗਾ ਕੇ ਦਿਨੋਂ-ਦਿਨ ਕੀਮਤਾਂ ਵਧਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਕੇ ਸਿਰਫ਼ ਕੁੱਝ ਅਮੀਰ ਘਰਾਨਿਆਂ ਬਾਰੇ ਸੋਚ ਰਹੀ ਹੈ।
ਇਹ ਵੀ ਪੜ੍ਹੋ: ਪਾਕਿ ਸਟਾਕ ਐਕਸਚੇਂਜ ਦੇ ਬਾਹਰ ਹੋਏ ਹਮਲੇ 'ਚ 9 ਲੋਕਾਂ ਦੀ ਮੌਤ, ਬਲੋਚ ਲਿਬਰੇਸ਼ਨ ਆਰਮੀ ਨੇ ਲਈ ਜ਼ਿੰਮੇਵਾਰੀ
ਉਧਰ ਦੂਜੇ ਪਾਸੇ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਜਦੋਂ ਤੇਲ ਦੀਆਂ ਕੀਮਤਾਂ 50 ਰੁਪਏ ਪ੍ਰਤੀ ਲੀਟਰ ਸੀ, ਉਦੋਂ ਤਾਂ ਭਾਜਪਾ ਆਗੂ ਨੰਗੇ ਹੋ ਕੇ ਸੜਕਾਂ 'ਤੇ ਉੱਤਰ ਜਾਂਦੇ ਸਨ, ਪਰ ਹੁਣ ਉਹੀ ਆਗੂ ਚੁੱਪੀ ਧਾਰ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਡੀਜ਼ਲ ਦੀਆਂ ਕੀਮਤਾਂ ਪੈਟਰੋਲ ਨਾਲੋਂ ਵਧ ਗਈਆਂ ਹਨ।