ਅੰਮ੍ਰਿਤਸਰ: ਪੂਰੀ ਦੂਨੀਆ 'ਚ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਜਿੱਥੇ ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਉੱਥੇ ਹੀ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਈ ਕਦਮ ਵੀ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ ਉੱਥੇ ਹੀ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦਾ ਐਸਜੀਪੀਸੀ ਵੱਲੋਂ ਮੁਆਇਨਾ ਕਰ ਉਨ੍ਹਾਂ ਨੂੰ ਇਸ ਵਾਇਰਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਾਂ 'ਚ ਤੇਜ਼ੀ ਲਿਆਉਂਦਿਆਂ ਘੰਟਾਘਰ ਵਾਲੇ ਪਾਸੇ ਸਪੈਸ਼ਲ ਟੈਂਟ ਲਾ ਗੁਰੂ ਰਾਮਦਾਸ ਹਸਪਤਾਲ ਦੀ ਟੀਮ ਵੱਲੋਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੌਕੇ 'ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਐਸਜੀਪੀਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਿੱਥੇ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਉੱਥੇ ਹੀ ਦਰਬਾਰ ਸਹਿਬ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ 'ਤੇ ਵੀ ਚਾਨਣਾ ਪਾਇਆ।