ਅੰਮ੍ਰਿਤਸਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਦਰਬਾਰ ਸਾਹਿਬ ਸ੍ਰੀ ਹਰਮੰਦਿਰ ਸਾਹਿਬ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਇਸ ਨਵੀਂ ਯਾਤਰਾ ਦੀ ਸ਼ੁਰੂਆਤ ਲਈ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮੱਥਾ ਟੇਕਿਆ।
ਐਚਐਸਜੀਐਮਸੀ ਦੇ ਨਵੇਂ ਪ੍ਰਧਾਨ ਦਾਦੂਵਾਲ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨ ਚੁਣੇ ਜਾਣ ਤੋਂ ਪਹਿਲਾਂ ਸਰਬੱਤ ਖਾਲਸਾ ਵੱਲੋਂ ਮਿਲੇ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਹੁਦਾ ਛੱਡਣ ਪਿਛੇ ਉਨ੍ਹਾਂ ਨੇ ਜਥੇਦਾਰੀ ਵਾਲੀ ਵੱਡੀ ਜ਼ਿੰਮੇਵਾਰੀ ਨਾ ਸੰਭਾਲ ਸਕਣਾ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖੀ ਪ੍ਰਚਾਰ ਤੇ ਨਸ਼ੇ ਖਿਲਾਫ਼ ਪ੍ਰਚਾਰ ਜਾਰੀ ਰਹੇਗਾ।
ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਦਰਸ਼ਨ ਦੌਰਾਨ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਸਮਰਥਕ ਵੀ ਅੰਮ੍ਰਿਤਸਰ ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਥੇ ਸਿਰਫ਼ ਗੁਰੂ ਰਾਮਦਾਸ ਜੀ ਦੇ ਦਰਸ਼ਨਾਂ ਲਈ ਆਏ ਹਨ ਅਤੇ ਸਵਾਲਾਂ ਦੇ ਜਵਾਬ ਫਿਰ ਕਿਸੇ ਹੋਰ ਦਿਨ ਦੇਣਗੇ।
ਵਰਨਣਯੋਗ ਹੈ ਕਿ 2014 ਤੋਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਹੋਂਦ ਦੇ ਸਮੇਂ ਤੋਂ ਉਹ ਅੰਤਰਿਮ ਮੈਂਬਰ ਚੱਲੇ ਆ ਰਹੇ ਸਨ ਅਤੇ ਹੁਣ 13 ਅਗਸਤ ਨੂੰ ਹੋਈ ਚੋਣ ਵਿੱਚ ਹਰਿਆਣਾ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ।