ਅੱਜ ਦਾ ਮੁੱਖਵਾਕ: ਟੋਡੀ ਮਹਲਾ ੫ ਘਰੁ ੨ ਦੁਪਦੇ, ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਬੁੱਧਵਾਰ, ੭ ਹਾੜ (ਸੰਮਤ ੫੫੫ ਨਾਨਕਸ਼ਾਹੀ) ੨੧ ਜੂਨ, ੨੦੨੩ (ਅੰਗ: ੭੧੩)
Daily Hukamnama: ੭ ਹਾੜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸਤਿਗੁਰ ਪ੍ਰਸਾਦਿ
Daily Hukamnama 21 June, 2023: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

ਪੰਜਾਬੀ ਵਿਆਖਿਆ:- ਟੋਡੀ ਮਹਲਾ ੫ ਘਰੁ ੨ ਦੁਪਦੇ, ੴ ਸਤਿਗੁਰ ਪ੍ਰਸਾਦਿ॥ ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ, ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ । ਮਨੁੱਖ ਇਹਨਾਂ ਦੀ ਖ਼ਾਤਰ ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—ਹੇ ਭਾਈ! ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਤਾਂ ਕਿ ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)