ਅੱਜ ਦਾ ਮੁੱਖਵਾਕ: ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ ਐਤਵਾਰ, ੭ ਜੇਠ (ਸੰਮਤ ੫੫੫ ਨਾਨਕਸ਼ਾਹੀ) ੨੧ ਮਈ, ੨੦੨੩ (ਅੰਗ: ੮੦੯)
Daily Hukamnama 21 May: ੭ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Daily Hukamnama 21 May, 2023: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।
ਪੰਜਾਬੀ ਵਿਆਖਿਆ:-ਬਿਲਾਵਲੁ ਮਹਲਾ ੫ ॥ ਹੇ ਮਿੱਤਰ, ਗੁਰੂ ਨੂੰ ਮਿਲ ਕੇ ਮਨੁੱਖ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, ਮੰਨੋ, ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾਂ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ ।੧। ਹੇ ਮੇਰੇ ਮਿੱਤਰ, ਗੁਰੂ ਦੀ ਸੰਗਤਿ ਦੀ ਵਡਿਆਈ ਧਿਆਨ ਨਾਲ ਸੁਣ। ਜਿਹੜਾ ਵੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿੱਚ ਬੈਠਦਾ ਹੈ, ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ। ਉਸ ਦੇ ਅੰਦਰੋਂ ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ। ਉਸ ਦੇ ਕਰੋੜਾਂ ਪਾਪ ਨਾਸ਼ ਹੋ ਜਾਂਦੇ ਹਨ।੧।ਰਹਾਉ।
- ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦਾ ਹੋਇਆ ਦੇਹਾਂਤ
- ਵਕੀਲ ਰਾਜਦੇਵ ਸਿੰਘ ਖਾਲਸਾ ਨੇ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਕੀਤੀ ਮੁਲਾਕਾਤ
- Anti Terrorism Day 2023- ਕੀ ਪੰਜਾਬ ਵਿਚ ਮੁੜ ਤੋਂ ਪੈਰ ਪਸਾਰ ਸਕਦੀ ਹੈ ਅੱਤਵਾਦੀ ਅਤੇ ਖਾਲਿਸਤਾਨੀ ਮੁਹਿੰਮ ? ਖਾਸ ਰਿਪੋਰਟ
ਹੇ ਮਿੱਤਰ, ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ ਪ੍ਰਮਾਤਮਾ ਦੀ ਭਗਤੀ ਅਚਰਜ ਤਾਕਤ ਰੱਖਦੀ ਹੈ। ਇਸ ਦੀ ਬਰਕਤਿ ਨਾਲ ਕੀੜੀ (ਨਿਮਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। ਭਗਤੀ ਉੱਤੇ ਪ੍ਰਸੰਨ ਹੋ ਕੇ ਜਿਸ-ਜਿਸ ਮਨੁੱਖ ਨੂੰ ਪ੍ਰਮਾਤਮਾ ਨੇ ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨। ਹੇ ਮਿੱਤਰ, ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਸ਼ੇਰ (ਅਹੰਕਾਰ) ਬਿੱਲੀ (ਨਿਮਰਤਾ) ਬਣ ਜਾਂਦਾ ਹੈ। ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। ਜਿਹੜੇ ਮਨੁੱਖ ਪਹਿਲਾਂ ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤਮੰਦ ਧਨਾਢ ਬਣ ਜਾਂਦੇ ਹਨ, ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ।੩। ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ ਮੈਂ ਕਿਹੜੀ ਕਿਹੜੀ ਵਡਿਆਈ ਦੱਸਾਂ? ਪ੍ਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ, ਅਰਦਾਸ ਕਰ, ਤੇ, ਆਖ - ਹੇ ਪ੍ਰਭੂ, ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼ ।੪।੭।੩੭। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)