ਪੰਜਾਬੀ ਵਿਆਖਿਆ:ਜੈਤਸਰੀ ਮਹਲਾ ੫ ਘਰੁ ੨ ਛੰਤ, ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਨਾਨਕ ਆਖਦੇ ਹਨ, ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੋ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ, ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਦੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧।
ਹੇ ਭਾਈ, ਪ੍ਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਦੜੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ।
ਹੇ ਭਾਈ, ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਝੰੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ, ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ - ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ, ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ।