ਅੱਜ ਦਾ ਮੁੱਖਵਾਕ:ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਸੋਮਵਾਰ, ੨੨ ਜੇਠ (ਸੰਮਤ ੫੫੫ ਨਾਨਕਸ਼ਾਹੀ) ੫ ਜੂਨ, ੨੦੨੩ (ਅੰਗ: ੭੧੯)
Daily Hukamnama 5 June: ੨੨ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਬੈਰਾੜੀ ਮਹਲਾ
Daily Hukamnama 5 June, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

ਪੰਜਾਬੀ ਵਿਆਖਿਆ: ਬੈਰਾੜੀ ਮਹਲਾ ੪ ॥ ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪ੍ਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਵੀ ਕਰਦਾ ਹੈ, ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ, ਭਗਤ ਆਪਣੀ ਨਿੰਦਾ ਸੁਣ ਕੇ ਦੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ। ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦਿੰਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ, ਭਗਤ ਜਾਣਦਾ ਹੈ ਕਿ ਪ੍ਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ, ਪ੍ਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)