ਪੰਜਾਬ

punjab

ETV Bharat / state

Daily Hukamnama: ੬ ਹਾੜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama

By

Published : Jun 20, 2023, 6:35 AM IST

Updated : Jun 20, 2023, 9:18 AM IST

ਅੱਜ ਦਾ ਹੁਕਮਨਾਮਾ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਵਿਆਖਿਆ:ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ।

ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥ (ਐੱਸਜੀਪੀਸੀ)


ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Last Updated : Jun 20, 2023, 9:18 AM IST

ABOUT THE AUTHOR

...view details