ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਰ ਸ਼ਹੀਦ ਭਾਈ ਜੀਵਨ ਸਿੰਘ ਜੀ ਵਿਦਿਅਕ ਅਤੇ ਭਲਾਈ ਟਰੱਸਟ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਅਲੌਕਿਕ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ 'ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ।
ਇਹ ਨਗਰ ਕੀਰਤਨ ਅੰਮ੍ਰਿਤਸਰ ਤੋਂ ਚਲ ਕੇ ਸੋਹੀਆਂ ਕਲਾਂ, ਮਜੀਠਾ ਅਤੇ ਰਈਆ ਸਮੇਤ ਵੱਖ-ਵੱਖ ਪਿੰਡਾਂ ਨਗਰਾਂ ਵਿਚੋਂ ਹੁੰਦਾ ਹੋਇਆ, ਗੁਰੂ ਸਾਹਿਬ ਦੇ ਤਪ ਅਸਥਾਨ ਬਾਬਾ ਬਕਾਲਾ ਵਿਖੇ ਪਹੁੰਚ ਕੇ ਸੰਪਨ ਹੋਵੇਗਾ।
ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਗਰ ਕੀਰਤਨ ਰਵਾਨਾ ਹੋਣ ਮੌਕੇ ਸ੍ਰੀ ਅਕਾਲ ਤਖਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵੱਡੀ ਗਿਣਤੀ 'ਚ ਸਮੇਤ ਸੰਗਤਾਂ ਸ਼ਾਮਲ ਹੋਈਆਂ। ਨਗਰ ਕੀਰਤਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਆਪੋ ਆਪਣੀਆਂ ਕਾਰਾਂ, ਜੀਪਾਂ ਅਤੇ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਨਗਰ ਕੀਰਤਨ 'ਚ ਸ਼ਰਧਾਪੂਰਵਕ ਸ਼ਾਮਲ ਹੋਈਆਂ।
ਇਹ ਵੀ ਪੜ੍ਹੋ:ਕੁੱਝ ਸੀਨੀਅਰ ਆਗੂ ਕਾਂਗਰਸ ਨੂੰ ਕਰ ਰਹੇ ਕਮਜ਼ੋਰ: ਜਾਖੜ
ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅਨੇਕਾਂ ਸਮਾਗਮ ਉਲੀਕੇ ਜਾ ਰਹੇ ਹਨ। ਇਨ੍ਹਾਂ ਦੀ ਸੰਪੂਰਨਤਾ ਇੱਕ ਮਈ 2021 ਨੂੰ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀੜੇ ਜਾਣ ਵਾਲੇ ਮੁੱਖ ਸਮਾਗਮ ਨਾਲ ਹੋਵੇਗੀ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ 'ਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।