ਅੰਮ੍ਰਿਤਸਰ: ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਰਾਮਪੁਰਾ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਝਗੜਾ ਹੋ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਉਸਾਰੀ ਨੂੰ ਲੈ ਕੇ ਪਿੰਡ ਵਾਸੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਵੱਡੇ ਇਲਜ਼ਾਮ ਲਗਾਏ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਕਮੇਟੀ ਕੋਲੋ ਵਾਪਿਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਦੀ ਕਰੀਬ 16 ਏਕੜ ਜ਼ਮੀਨ ਹੈ। ਜਿਹੜੀ ਕਿ ਠੇਕੇ 'ਤੇ ਦਿੱਤੀ ਹੋਈ ਹੈ ਅਤੇ ਇਸ ਦਾ ਹਰ ਸਾਲ ਠੇਕਾ ਕਰੀਬ 8 ਕੁ ਲੱਖ ਮਿਲਦਾ ਹੈ। ਇਸ ਤੋਂ ਇਲਾਵਾ ਗੋਲਕ ਦਾ ਚੜਾਵਾ ਹੁੰਦਾ ਹੈ ਜੋ ਕਿ ਠੇਕੇ ਸਮੇਤ ਚੜ੍ਹਾਵੇ ਦੀ ਰਕਮ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਜਮ੍ਹਾਂ ਹੋ ਜਾਂਦੀ ਹੈ।
ਸ਼੍ਰੋਮਣੀ ਕਮੇਟੀ ਉਤੇ ਪਿੰਡ ਵਾਸੀਆਂ ਦਾ ਇਲਜਾਮ: ਉਨ੍ਹਾਂ ਕਿਹਾ ਕਿ ਇਸ ਸਮੇਂ SGPC ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਿਰਮਾਣ ਦੀ ਸੇਵਾ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਨੂੰ ਦਿੱਤੀ ਹੋਈ ਹੈ ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਵਾਸਤੇ ਕੋਈ ਵੀ ਰਕਮ ਜਾਰੀ ਨਹੀਂ ਕੀਤੀ ਗਈ। ਨਾਂ ਹੀ ਕੋਈ ਸੀਮੈਂਟ ਸਰੀਆ ਜਾਂ ਹੋਰ ਸਾਮਾਨ ਭੇਜਿਆ ਗਿਆ ਹੈ। ਪਿੰਡ ਵਾਸੀਆਂ ਨੇ ਇੱਕਤਰਤਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਹਾਰ ਲਾਈ ਹੈ ਕਿ ਜਾਂ ਗੁਰਦੁਆਰਾ ਸਾਹਿਬ ਦੀ ਇਮਾਰਤ ਤਿਆਰ ਕਰਵਾਈ ਜਾਵੇ। ਨਹੀਂ ਤਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਛੱਡ ਕੇ ਪਿੰਡ ਵਾਸੀਆਂ ਨੂੰ ਸੌਂਪੇ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੱਖ:ਇਸ ਸਬੰਧ ਵਿੱਚ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੇਸ਼ ਹੋਏ ਵਕੀਲ ਸਾਹਿਬ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਪਿੰਡ ਰਾਮਪੁਰਾ ਦੀ ਉਕਤ ਜ਼ਮੀਨ ਉਤੇ ਗੁਰਦੁਆਰਾ ਸਾਹਿਬ ਦੀ ਮਾਲਕੀ ਜ਼ਮੀਨ ਸ਼੍ਰੋਮਣੀ ਕਮੇਟੀ ਦੇ ਨਾਂਅ 'ਤੇ ਹੈ ਅਤੇ ਜਿਸਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕੋਲ ਹੈ। ਉਥੇ ਹੀ ਵਕੀਲ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਇੱਕ ਸੋਸਾਇਟੀ ਬਣਾ ਕੇ ਗੁਰਦੁਆਰਾ ਸਾਹਿਬ ਅਤੇ ਗੁਰਦੁਆਰਾ ਸਾਹਿਬ ਦੀ ਜਮੀਨ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ।
ਜਿਸਦੇ ਸਬੰਧ ਵਿੱਚ ਥਾਣਾ ਕਬੋਹ ਵਿਖੇ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਹੈ। ਉਥੇ ਹੀ ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਹੋਈ ਹੈ। ਸੰਗਤ ਦੀ ਮੰਗ ਨੂੰ ਮੁੱਖ ਰੱਖਦਿਆਂ ਇਮਾਰਤ ਲਈ ਰਕਮ ਦੀ ਰਾਸ਼ੀ ਜਲਦੀ ਹੀ ਗੁਰਦੁਆਰਾ ਸਾਹਿਬ ਨੂੰ ਭੇਜੀ ਜਾਵੇਗੀ।
ਪੁਲਿਸ ਨੇ ਕਿਹਾ:ਇਸ ਸਬੰਧ ਵਿੱਚ ਥਾਣਾ ਕਬੋਹ ਦੇ ਮੁੱਖੀ ਨਾਲ ਰਾਬਤਾ ਕੀਤਾ ਗਿਆ ਤਾਂ ਉਹਨਾਂ ਦੱਸਿਆ ਕਿ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦਾ ਮਾਮਲਾ ਉਹਨਾਂ ਕੋਲ ਆਇਆ ਹੈ। ਜਿਸਦੇ ਚਲਦੇ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਸੀ ਦੋਵਾਂ ਧਿਰਾਂ ਦੇ ਸਬੰਧਿਤ ਦਸਤਾਵੇਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਦੋਵਾਂ ਧਿਰਾਂ ਨੂੰ ਇੱਕ ਹਫਤੇ ਦਾ ਟਾਈਮ ਦਿੱਤਾ ਗਿਆ ਹੈ। ਜਾਂਚ ਪੜਤਾਲ ਤੋਂ ਬਾਅਦ ਜੋ ਸੱਚਾਈ ਸਾਮਣੇ ਆਵੇਗੀ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:-Gujarat Assembly Election Result 2022: ਐਨਸੀਪੀ ਨੇ ਟਿਕਟ ਨਹੀਂ ਦਿੱਤੀ ਤਾਂ ਕੰਧਾਲ ਜਡੇਜਾ ਸਪਾ ਤੋਂ ਖੜ੍ਹੇ ਹੋਏ