ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ (Central Government) ਨਾਲ ਨਵੇਂ ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਲੜਾਈ ਲੜ ਰਹੇ ਕਿਸਾਨਾਂ ਦੀ ਜਿੱਤ ਤੋਂ ਬਾਅਦ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਇੱਕ ਪਾਸੇ ਜਿੱਥੇ ਕਿਸਾਨ (Farmers) ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਜਿੱਥੇ ਸੱਚਖੰਡ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਹਨ, ਉੱਥੇ ਦੀ ਦੂਜੇ ਪਾਸੇ ਸਿਆਸੀ ਲੀਡਰ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਵੀ ਕਿਸਾਨਾਂ (Farmers) ਦੀ ਇਸ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾਂ ਕਰਦੇ ਨਜ਼ਰ ਆਏ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲੀ ਕਾਮਯਾਬੀ ਲਈ ਤੜਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਤੜਕੇ 4 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁੱਜੇ ਰੰਧਾਵਾ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਕੀਰਤਨ ਸਰਵਣ ਕੀਤਾ ਅਤੇ ਹੁਕਮਨਾਮਾ ਸੁਣ ਕੇ ਵਾਪਸੀ ਲਈ ਚਾਲੇ ਪਾਏ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੀ ਅਪਾਰ ਕਿਰਪਾ ਨਾਲ ਸਾਡੇ ਕਿਸਾਨਾਂ ਨੂੰ ਸੰਘਰਸ਼ ਵਿੱਚ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜੋ ਕਿ ਆਪਣੇ ਅੱਖੜ ਰਵੀਈਏ ਕਰਕੇ ਜਾਣੀ ਜਾਂਦੀ ਹੈ, ਉਸ ਨੂੰ ਪੰਜਾਬ ਦੇ ਕਿਸਾਨਾਂ ਨੇ ਜਿਸ ਦ੍ਰਿੜਤਾ ਨਾਲ ਸੰਘਰਸ਼ ਕਰਕੇ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਹੈ, ਇਹ ਆਪਣੀ ਤਰ੍ਹਾਂ ਦੀ ਇਕਲੌਤੀ ਮਿਸਾਲ ਹੈ।