ਚੰਡੀਗੜ੍ਹ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਅਤੇ ਹਰ ਪਾਸੇ ਅਜਿਹੀ ਚਰਚਾ ਸੀ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਲੜ ਸਕਦੇ ਹਨ। ਹੁਣ ਇਹ ਗੱਲ ਸਾਫ਼ ਹੋ ਗਈ ਹੈ ਕਿ ਉਹ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਆਪਣੀ ਸਿਹਤ ਅਤੇ ਉਮਰ ਦਾ ਹਵਾਲਾ ਦਿੰਦਿਆਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ।
ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਤੋਂ ਚੋਣ ਲੜਨ ਲਈ ਕੀਤਾ ਇਨਕਾਰ
ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਤੋਂ ਚੋਣ ਲੜਨ 'ਤੇ ਕੀਤਾ ਇਨਕਾਰ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਕ ਵਾਰ ਮੁੜ ਇਸ ਫ਼ੈਸਲੇ 'ਤੇ ਵਿਚਾਰ ਕਰਨ ਦੀ ਕੀਤੀ ਬੇਨਤੀ।
ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਮਾਮਲਿਆਂ ਬਾਰੇ ਪਾਰਟੀ ਦੇ ਇੰਚਾਰਜ ਜਨਰਲ ਸਕੱਤਰ ਆਸ਼ਾ ਕੁਮਾਰੀ ਨਵੀਂ ਦਿੱਲੀ 'ਚ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲੇ ਸਨ ਅਤੇ ਅੰਮ੍ਰਿਤਸਰ ਤੋਂ ਚੋਣ ਲੜਨ ਲਈ ਬੇਨਤੀ ਕੀਤੀ ਸੀ।
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਦੇ ਮੈਂਬਰ ਵਜੋਂ ਕਾਰਜਕਾਲ ਇਸੇ ਸਾਲ ਜੂਨ 'ਚ ਖ਼ਤਮ ਹੋ ਰਿਹਾ ਹੈ। ਉਨ੍ਹਾਂ ਆਪਣੀ ਉਮਰ ਦਾ ਹਵਾਲਾ ਦਿੰਦਿਆਂ ਚੋਣ ਲੜਨ ਲਈ ਆਪਣੀ ਅਸਮਰੱਥਾ ਪ੍ਰਗਟਾਈ ਹੈ ਅਤੇ ਇਹ ਵੀ ਕਿਹਾ ਹੈ ਕਿ ਉਹ ਚੋਣ ਪ੍ਰਚਾਰ 'ਚ ਵੀ ਹਿੱਸਾ ਨਹੀਂ ਲੈ ਸਕਣਗੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਕ ਵਾਰ ਮੁੜ ਇਸ ਫ਼ੈਸਲੇ 'ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ।